
- ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਮੁਕੰਮਲ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
- ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ ਅਦਾਇਗੀ
ਖੰਨਾ, 10 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਵਾਢੀ ਹੋਣ ਦੀ ਉਮੀਦ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਬੁੱਧਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੀ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ੍ਰੀ ਸੌਂਦ ਨੇ ਦੱਸਿਆ ਕਿ ਸੂਬੇ ਨੇ 28,894 ਕਰੋੜ ਰੁਪਏ ਕੈਸ਼ ਕ੍ਰੈਡਿਟ ਲਿਮਿਟ ਦਾ ਪ੍ਰਬੰਧ ਕੀਤਾ ਹੈ ਅਤੇ ਬਹੁਤ ਸਾਰੀ ਸਟੋਰੇਜ ਸਪੇਸ ਅਤੇ ਕੰਟੇਨਰਾਂ ਦੇ ਨਾਲ ਲੋੜੀਂਦਾ 99 ਫੀਸਦ ਬਾਰਦਾਨੇ ਨੂੰ ਪ੍ਰਾਪਤ ਕਰਨ ਵਿੱਚ ਵੀ ਕਾਮਯਾਬ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਉਨ੍ਹਾਂ ਦੀਆਂ ਅਦਾਇਗੀਆਂ ਉਨ੍ਹਾਂ ਦੀ ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀਆਂ ਜਾਣਗੀਆਂ। ਉਹਨਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਏ ਗਏ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।