- ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਕੁੱਲ 16 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸੌਂਪੇ
ਮੋਹਾਲੀ, 04 ਸਤੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਸੰਵਿਧਾਨ ਵਿੱਚ ਬਦਲਾਅ ਕਰਕੇ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਤੋੜਨ ਮਰੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਤਰ੍ਹਾ ਨਾਲ ਸੰਵਿਧਾਨਿਕ ਸੰਸਥਾਵਾਂ ਅਤੇ ਉਨ੍ਹਾਂ ਦੇ ਢਾਂਚੇ ਨੂੰ ਬਦਲਿਆ ਜਾ ਰਿਹਾ ਹੈ, ਉਹ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਸੋਚ ਨਹੀਂ ਸੀ। ਸੰਸਦ ਮੈਂਬਰ ਅੱਜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਲੀਪੁਰ, ਰਾਏਪੁਰ ਕਲਾਂ, ਬਠਲਾਨਾ ਅਤੇ ਸਨੇਟਾ ਦੇ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡਣ ਮੌਕੇ ਪਿੰਡ ਮਨੌਲੀ ਵਿਖੇ ਆਯੋਜਿਤ ਜਨ ਸਭਾ ਦੌਰਾਨ ਸੰਬੋਧਨ ਕਰ ਰਹੇ ਸਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਸੰਵਿਧਾਨਕ ਅਤੇ ਇਸ ਦੀਆਂ ਸੰਸਥਾਵਾਂ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਸਾਡੇ ਸੰਵਿਧਾਨ ਨਿਰਮਾਤਾਵਾਂ ਦੇ ਵਿਚਾਰਾਂ ਨੂੰ ਤੋੜਨ ਮਰੋੜਨ ਦੀ ਕੋਸ਼ਿਸ਼ ਹੈ। ਸਾਡੇ ਸੰਵਿਧਾਨ ਨਿਰਮਾਤਾਵਾਂ ਨੇ ਦੇਸ਼ ਦੀ ਲੋੜ ਅਤੇ ਅਨੇਕਤਾ ਵਿੱਚ ਏਕਤਾ ਨੂੰ ਧਿਆਨ ਵਿੱਚ ਰੱਖ ਕੇ ਸੰਵਿਧਾਨ ਬਣਾਇਆ ਸੀ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦੀ ਨੀਂਹ ਨੂੰ ਹੀ ਢਾਹ ਲਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੇਸ਼ ਅਤੇ ਇਸਦੇ ਸੰਵਿਧਾਨ ਦੀ ਰਾਖੀ ਲਈ ਵਿਰੋਧੀ ਪਾਰਟੀਆਂ ਆਪਸੀ ਮਤਭੇਦਾਂ ਨੂੰ ਛੱਡ ਕੇ ਇਕੱਠੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਇੱਕ ਵਾਰ ਫਿਰ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਤੋਂ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ’ਤੇ ਪਾਰਟੀ ਵਰਕਰਾਂ ਵੱਲੋਂ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਨਾ, ਸਰਪੰਚ ਜਗਤਾਰ ਸਿੰਘ ਬਾਕਰਪੁਰਾ, ਸਰਪੰਚ ਚਰਨਜੀਤ ਸਿੰਘ, ਸਰਪੰਚ ਰਾਮ ਸਨੇਟਾ, ਸਰਪੰਚ ਜਸਪ੍ਰੀਤ ਸਿੰਘ ਰਾਏਪੁਰ ਕਲਾਂ, ਸਰਪੰਚ ਗੁਰਵਿੰਦਰ ਸਿੰਘ ਨਡਿਆਲੀ, ਸੰਦੀਪ ਕੁਮਾਰ, ਸੁਰਿੰਦਰ ਪਾਲ, ਅਮਰਨਾਥ, ਹੁਕਮ ਚੰਦ, ਸ਼ਿਵਮ ਕੁਮਾਰ, ਆਕਾਸ਼, ਗੁਰਪ੍ਰੀਤ, ਜਤਿਨ ਕੁਮਾਰ, ਹਿਮਾਂਸ਼ੂ ਸ਼ਰਮਾ, ਪ੍ਰਿੰਸ ਕੁਮਾਰ, ਅਮਨ ਕੁਮਾਰ ਆਦਿ ਹਾਜ਼ਰ ਸਨ |