ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਫਰੀਦਕੋਟ ਜ਼ਿਲ੍ਹੇ ‘ਚ ਸਕੂਲੀ ਵਾਹਨਾਂ ਦੀ ਚੈਕਿੰਗ ਮੁਹਿੰਮ ਜਾਰੀ- ਹਰਜੋਤ ਕੌਰ

  • ਸਕੂਲੀ ਬੱਸਾਂ ਦੀ ਚੈੱਕਿੰਗ ਦੌਰਾਨ 2 ਵਾਹਨ ਇੰਮਪਾਉਡ, ਵਾਹਨ ਮਾਲਕਾਂ ਨੂੰ ਸਖਤ ਹਦਾਇਤਾਂ ਜਾਰੀ

ਫਰੀਦਕੋਟ 19 ਮਈ 2025 : ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਫਰੀਦਕੋਟ ਜ਼ਿਲ੍ਹੇ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹੈ। ਇਹ ਚੈਕਿੰਗ ਰਿਜਨਲ ਟਰਾਂਸਪੋਰਟ ਅਫਸਰ ਮੈਡਮ ਹਰਜੋਤ ਕੌਰ (ਪੀ.ਸੀ.ਐਸ.) ਅਤੇ ਸਹਾਇਕ ਟਰਾਂਸਪੋਰਟ ਅਫਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੁਹਿੰਮ ਦੌਰਾਨ ਅਨੇਕ ਸਕੂਲੀ ਬੱਸਾਂ ਅਤੇ ਵੈਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਕਈ ਵਾਹਨਾਂ ਦੀ ਹਾਲਤ ਅਤੇ ਕਾਨੂੰਨੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ। ਚੈਕਿੰਗ ਦੌਰਾਨ 2 ਸਕੂਲੀ ਬੱਸਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਇੰਮਪਾਉਡ ਕੀਤਾ ਗਿਆ। ਇਹ ਕਾਰਵਾਈ ਸਰਕਾਰ ਵੱਲੋਂ ਸੜਕ ਸੁਰੱਖਿਆ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ। ਰਿਜਨਲ ਟਰਾਂਸਪੋਰਟ ਅਫਸਰ ਮੈਡਮ ਹਰਜੋਤ ਕੌਰ ਨੇ ਸਕੂਲ ਪ੍ਰਬੰਧਕਾਂ, ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਸਖਤ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਅਨੁਸਾਰ ਲਿਆ ਕੇ ਯੋਗ ਬਣਾਉਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਾਹਨ ਨੂੰ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਵਰਤੇ ਜਾ ਰਹੇ ਸਕੂਲੀ ਵਾਹਨਾਂ ਦੀ ਜਾਂਚ ਖੁਦ ਵੀ ਕਰਨ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੀ ਸੂਚਨਾ ਟਰਾਂਸਪੋਰਟ ਵਿਭਾਗ ਨੂੰ ਦੇਣ। ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ, ਅਤੇ ਸਕੂਲੀ ਵਾਹਨਾਂ ਦੀ ਸੁਰੱਖਿਆ ਸੰਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ ਬੇਰੁਕਾਵਟ ਕਾਰਵਾਈ ਕੀਤੀ ਜਾਵੇਗੀ।