ਫਾਜ਼ਿਲਕਾ, 9 ਸਤੰਬਰ : ਸਿਵਲ ਸਰਜਨ ਫਾਜ਼ਿਲਕਾ ਡਾ.ਸਤੀਸ਼ ਗੋਇਲ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਖੂਈਖੇੜਾ ਡਾ.ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ ਤਹਿਤ ਇਲਾਕੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਜਿਸ ਵਿਚ ਖਾਸ ਤੌਰ 'ਤੇ ਉਨ੍ਹਾਂ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ ਜੋ ਜ਼ਿਆਦਾ ਖਤਰੇ ਵਿਚ ਹਨ। ਬਾਅਦ ਵਿੱਚ ਇਨ੍ਹਾਂ ਗਰਭਵਤੀ ਔਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਸਮੇਂ ਸਿਰ ਉਨ੍ਹਾਂ ਦਾ ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਦਵਾਈਆਂ ਵੀ ਉਸੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਅਜਿਹੀਆਂ ਔਰਤਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੀ ਡਿਲੀਵਰੀ ਕਿਸ ਸਰਕਾਰੀ ਹਸਪਤਾਲ ਵਿੱਚ ਹੋਣੀ ਹੈ ਜਿੱਥੇ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਛਾਣ ਕਰਨ ਲਈ, ਸਿਹਤ ਵਿਭਾਗ ਇਸ ਦਿਨ ਨੂੰ ਮਹੀਨੇ ਵਿੱਚ ਦੋ ਵਾਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਉਣ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਜਿੰਨੀ ਜਲਦੀ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ, ਓਨੀ ਜਲਦੀ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਦਿਵਸ ਹਰ ਮਹੀਨੇ ਦੀ 9 ਤਰੀਕ ਨੂੰ ਮਨਾਇਆ ਜਾਂਦਾ ਸੀ, ਹੁਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਸ-ਮਾਤ੍ਰਤਾ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਕੈਂਪ ਲਗਾਏ ਜਾਣਗੇ। ਇਹ ਬਲਾਕ ਖੂਈਖੇੜਾ ਦੇ ਇਕ ਸੀ.ਐੱਚ.ਸੀ ਅਤੇ 6 ਆਮ ਆਦਮੀ ਕਲੀਨਿਕਾਂ ਖਿਓਵਾਲੀ ਢਾਬ, ਪੰਜਕੋਨੀ, ਕਿੱਲਿਆਂਵਾਲੀ, ਮੌਜਗੜ੍ਹ, ਕੱਲਰਖੇੜਾ, ਪੰਨੀਵਾਲਾ ਮਹੱਲਾ ਵਿਖੇ ਮਨਾਇਆ ਗਿਆ।