- ਜਨ ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਨੇ ਸਾਰੀਆਂ ਸੇਵਾਵਾਂ : ਡਿਪਟੀ ਕਮਿਸ਼ਨਰ
- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ
- ਵਿਧਾਇਕ ਰੁਪਿੰਦਰ ਹੈਪੀ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਨਿਪਟਾਰਾ
- ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਮਨੈਲਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 48 ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ
ਫ਼ਤਹਿਗੜ੍ਹ ਸਾਹਿਬ, 23 ਜੁਲਾਈ 2024 : ਜਦੋਂ ਤੋਂ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਨੂੰ ਮੋਹਰੀ ਰੱਖ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਤਾਂ ਜੋ ਆਮ ਆਦਮੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮਨੈਲਾ ਵਿਖੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੂਰੀ ਗੰਭੀਰਤਾ ਨਾਲ ਲੋਕਾਂ ਦੇ ਮਸਲੇ ਹੱਲ ਕਰਨ ਲਈ ਕੰਮ ਕਰ ਰਹੇ ਹਨ ਕਿਉਂਕਿ ਸਾਡੀ ਸਰਕਾਰ ਨੇ ਹਮੇਸ਼ਾਂ ਤੋਂ ਲੋਕ ਮਸਲਿਆਂ ਦੇ ਹੱਲ ਨੂੰ ਤਰਜ਼ੀਹ ਦਿੱਤੀ ਹੈ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ 90 ਫੀਸਦੀ ਘਰਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 43 ਹਜ਼ਾਰ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਇੱਕ ਇਮਾਨਦਾਰ ਤੇ ਪੰਜਾਬ ਹਿਤੈਸ਼ੀ ਸਖਸ਼ੀਅਤ ਦੇ ਮਾਲਕ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ ਅਤੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਪ੍ਰੰਤੂ ਹੁਣ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਹੱਲ ਕਰਨ ਵਾਸਤੇ ਜ਼ਿਲ੍ਹਾ ਪੱਧਰ ਤੇ ਸੀ.ਐਮ. ਵਿੰਡੋ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ਤੇ ਫੌਰੀ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰੇਕ ਮੰਗਲਵਾਰ ਤੇ ਸ਼ੁਕਰਵਾਰ ਨੂੰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਹਰੇਕ ਵੀਰਵਾਰ ਨੂੰ ਉਹ ਖੁਦ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਵਿਧਾਇਕ ਹੈਪੀ ਤੇ ਡੀ.ਸੀ. ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਇਸ ਜਨ ਸੁਵਿਧਾ ਕੈਂਪ ਦੌਰਾਨ 48 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਮਾਣੋਂ ਸ਼੍ਰੀਮਤੀ ਪਰਮਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।