ਬਠਿੰਡਾ, 8 ਸਤੰਬਰ : ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਸਾ ਸਮੇਤ ਸੂਬੇ ਦੀਆਂ ਜੇਲ੍ਹਾਂ ਵਿਚ ਨਸ਼ਾ ਵਿਕਣ ਬਾਰੇ ਜਵਾਬ ਦੇਣਾ ਚਾਹੀਦਾ ਹੈ ਕਿ ਸੂਬੇ ਵਿਚ ਅਜਿਹੇ ਹਾਲਾਤ ਕਿਉਂ ਹਨ? ਉਹਨਾਂ ਕਿਹਾ ਕਿ ਮਾਨਸਾ ਦੀ ਜੇਲ੍ਹ ਵਿਚ ਨਸ਼ੇ ਵੇਚਣ ਵਾਸਤੇ ਬੈਰਕ ਅਨੁਸਾਰ ਰੇਟ ਤੈਅ ਕੀਤੇ ਹੋਏ ਹਨ ਜਿਸਦੀਆਂ ਵੀਡੀਓ ਵਾਇਰਲ ਹਨ। ਉਹਨਾਂ ਕਿਹਾ ਕਿ ਅਜਿਹੇ ਮਾੜੇ ਹਾਲਾਤ ਕਦੇ ਵੀ ਪੰਜਾਬ ਵਿਚ ਨਹੀਂ ਬਣੇ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਬਹੁਤ ਜਲਦੀ ਹੀ ਨਸ਼ਿਆਂ ਨੂੰ ਖ਼ਤਮ ਕਰ ਦੇਵੇਗੀ ਪਰ ਅਜਿਹਾ ਹੋਣ ਦੀ ਥਾਂ ਨਸ਼ੇ ਦਾ ਪਸਾਰ ਹੋਰ ਵੱਧ ਗਿਆ ਤੇ ਅੱਜ ਪੰਜਾਬ ਵਿਚ ਕੋਈ ਵੀ ਪਿੰਡ ਤੇ ਮੁਹੱਲਾ ਅਜਿਹਾ ਨਹੀਂ ਬਚਿਆ ਜਿਥੇ ਨਸ਼ਾ ਨਾ ਵਿਕਦਾ ਹੋਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬੀਆਂ ਨਾਲ ਵਿਤਕਰਾ ਕਰ ਰਹੀ ਹੈ ਤੇ ਹਰਿਆਣਾ ਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਭਰਤੀ ਕਰ ਰਹੀ ਹੈ। ਬਠਿੰਡਾ ਐਮਪੀ ਹਰਸਿਮਰਤ ਕੌਰ ਬਾਦਲ ਨੇ ਬੱਚਤ ਭਵਨ ਵਿਖੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਮੀਟਿੰਗ ਦੌਰਾਨ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ 7 ਵਿਚੋਂ 6 ਸਬ ਇੰਸਪੈਕਟਰ ਹਰਿਆਣਾ ਤੋਂ ਭਰਤੀ ਕਰਨਾ ਕੋਈ ਨਵਾਂ ਮਾਮਲਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਅਸੀਂ ਵੇਖਿਆ ਹੈ ਕਿ ਐਡਵੋਕੇਟ ਜਨਰਲ ਦੇ ਦਫਤਰ ਵਿਚ ਹਰਿਆਣਾ ਤੇ ਦਿੱਲੀ ਤੋਂ ਨੌਜਵਾਨ ਪੰਜਾਬ ਦੇ ਨੌਜਵਾਨਾਂ ਦੀ ਕੀਮਤ ’ਤੇ ਭਰਤੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਿਚ ਲਾਈਨਮੈਨਾਂ ਦੀ ਭਰਤੀ ਵੇਲੇ ਰਾਜਸਥਾਨ ਤੋਂ ਨੌਜਵਾਨਾਂ ਨੂੰ ਤਰਜੀਹ ਦਿੱਤੀ ਗਈ ਹੈ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਅਜਿਹਾ ਸਭ ਕੁਝ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੋਗਾ ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਲੋਕ ਸੰਪਰਕ ਵਿਭਾਗ ਵਿਚ ਵੀ ਮੁਲਾਜ਼ਮਾਂ ਦੀ ਭਰਤੀ ਮੋਟੀਆਂ ਤਨਖਾਹਾਂ ’ਤੇ ਕੀਤੀਆਂ ਗਈਆਂ ਹਨ। ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੂਬੇ ਦੀ ਵਾਗਡੋਰ ਸ੍ਰੀ ਕੇਜਰੀਵਾਲ ਤੇ ਆਪ ਹਾਈ ਕਮਾਂਡ ਦੇ ਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਭਰਤੀਆਂ ਦੀ ਸਾਰੀ ਸੂਚੀ ਦਿੱਲੀ ਵਿਚ ਤਿਆਰ ਕੀਤੀ ਜਾ ਰਹੀ ਹੈ ਜਿਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੀ ਜਾਣਕਾਰੀ ਦੇ ਨਾਲ-ਨਾਲ ਪੰਜਾਬੀ ਵਿਚ ਜਾਣਕਾਰੀ ਵਾਸਤੇ ਕੋਈ ਯਤਨ ਨਾ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਨੌਜਵਾਨਾਂ ਨਾਲ ਵੱਡੇ ਪੱਧਰ ’ਤੇ ਵਿਤਕਰਾ ਹੋ ਰਿਹਾ ਹੈ। ਸਰਦਾਰਨੀ ਬਾਦਲ ਨੇ ਕਿਹਾ ਕਿ ਹਾਲਾਤ ਹੋਰ ਮਾੜੇ ਹੋ ਸਕਦੇ ਹਨ ਕਿਉਂਕਿ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਦੀਆਂ ਧੁਨਾਂ ’ਤੇ ਨੱਚਣ ਤੋਂ ਬਾਜ ਨਹੀਂ ਆ ਰਹੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਹਾਲਾਤ ਤੋਂ ਅਣਜਾਣ ਹੈ ਤੇ ਇਹ ਨੌਕਰੀਆਂ ਮੰਗਣ ਵਾਲੇ ਨੌਜਵਾਨਾਂ ’ਤੇ ਲਾਠੀਚਾਰਜ ਕਰਨ ਨੂੰ ਤਰਜੀਹ ਦੇ ਰਹੀ ਹੈ। ਸਰਦਾਰਨੀ ਬਾਦਲ ਨੇ ਆਪ ਸਰਕਾਰ ਵੱਲੋਂ ਨਸ਼ੇ ਦੇ ਪਸਾਰ ਨੂੰ ਕੰਟਰੋਲ ਕਰਨ ਵਿਚ ਨਾਕਾਮ ਰਹਿਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਪਹਿਲਾਂ ਆਪਣੇ ਮੰਤਰੀ ਤੇ ਵਿਧਾਇਕਾਂ ’ਤੇ ਨਕੇਲ ਕੱਸਣੀ ਚਾਹੀਦੀ ਹੈ ਜੋ ਨਸ਼ਾ ਮਾਫੀਆ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਤੇ ਫਿਰ ਨਸ਼ਾ ਮਾਫੀਆ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਨਾ ਕਿ ਨਸ਼ੇ ਦਾ ਸ਼ਿਕਾਰ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।