- ਲੋਕਾਂ ਦੀਆਂ ਸਮੱਸਿਆਵਾਂ ਦਾ ਜ਼ਿਲ੍ਹਾ ਪੱਧਰ ਤੇ ਹੱਲ ਕਰਨ ਵਾਸਤੇ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ: ਪਰਨੀਤ ਸ਼ੇਰਗਿੱਲ
- ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਨਾਲ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਨਹੀਂ ਹੋਵੇਗੀ ਜਰੂਰਤ
- ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਭਗੜਾਣਾ ਵਿਖੇ ਲਗਾਏ ਗੲ ਜਨ ਸੁਵਿਧਾ ਕੈਂਪ ਦੌਰਾਨ 274 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
- ਵਿਧਾਇਕ ਲਖਵੀਰ ਸਿੰਘ ਰਾਏ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਵੱਲੋਂ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ
ਫ਼ਤਹਿਗੜ੍ਹ ਸਾਹਿਬ, 12 ਜੁਲਾਈ 2024 : ਪੰਜਾਬ ਦੇ ਲੋਕ ਇਹ ਭਲੀਭਾਂਤ ਜਾਣਦੇ ਹਨ ਕਿ ਜਦੋਂ ਤੋਂ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬੀਆਂ ਦੀ ਸਹੂਲਤ ਲਈ ਕਈ ਅਹਿਮ ਫੈਸਲੇ ਕੀਤੇ ਗਏ ਹਨ। ਹੁਣ ਮੁੱਖ ਮੰਤਰੀ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਪ੍ਰਤੀ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਤੁਹਾਡੇ ਦੁਆਰਾ ਤਹਿਤ ਪਿੰਡ ਭਗੜਾਣਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਹੈ ਅਤੇ ਇਸੇ ਕੜੀ ਨੂੰ ਅੱਗੇ ਤੋਰਦਿਆਂ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵਿਧਾਇਕ ਰਾਏ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਉਥੇ ਹੀ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ ਜਿਸ ਤੋਂ ਸਪਸ਼ਟ ਹੈ ਕਿ ਸ. ਭਗਵੰਤ ਸਿੰਘ ਮਾਨ ਇੱਕ ਸੱਚੇ ਪੰਜਾਬ ਹਿਤੈਸ਼ੀ ਮੁੱਖ ਮੰਤਰੀ ਹਨ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪੰਜਾਬ ਦੇ ਅੰਨਦਾਤਾ ਕਿਸਾਨਾਂ ਨੂੰ ਫਸਲ ਬੀਜਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੁਣ ਹਰੇਕ ਹਫਤੇ ਵਿੱਚ ਦੋ ਵਾਰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਡੀ.ਸੀ. ਦਫ਼ਤਰ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨ ਨਾਲ ਹੁਣ ਆਮ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਜਾਣ ਦੀ ਜਰੂਰਤ ਨਹੀਂ ਪਵੇਗੀ ਕਿਉਂਕਿ ਲੋਕਾਂ ਦੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੀ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਅੱਜ ਦੇ ਜਨ ਸੁਵਿਧਾ ਕੈਂਪ ਦੌਰਾਨ ਕੁੱਲ 274 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਇਸ ਉਪਰੰਤ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਰਾਏ ਤੇ ਡੀ.ਸੀ. ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹੇ ਦੇ ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਵਾਸਤੇ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਜੇਕਰ ਵਾਤਾਵਰਣ ਦੀ ਸੰਭਾਲ ਪ੍ਰਤੀ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਬੀ.ਡੀ.ਪੀ.ਓ. ਸਰਹਿੰਦ ਸ. ਚੰਦ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਹਾਜਰ ਸਨ।