- ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਹਦਾਇਤਾਂ ਕੀਤੀਆਂ ਜਾਰੀ
ਫਤਿਹਗੜ੍ਹ ਸਾਹਿਬ 26 ਜੁਲਾਈ 2024 : ਮੁੱਖ ਸਕੱਤਰ, ਪੰਜਾਬ, ਸ੍ਰੀ ਅਨੁਰਾਗ ਅਗਰਵਾਲ (ਆਈ.ਏ.ਐਸ) ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ, ਅਤੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ " ਇੰਟੈਗਰੇਟਡ ਡਿਜ਼ੀਜ ਸਰਵੇਲੈਂਸ ਪ੍ਰੋਗਰਾਮ" ਤਹਿਤ ਵਾਟਰ ਬੌਰਨ ਡਿਜ਼ੀਜ (ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ) ਨੂੰ ਰਿਵਿਊ ਕੀਤਾ। ਇਸ ਬਾਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੁਖ ਸਕੱਤਰ ਵੱਲੋਂ ਜਿਲੇ ਅੰਦਰ ਵਾਟਰ ਬੌਰਨ ਬਿਮਾਰੀਆਂ ਸਬੰਧੀ ਵਿਸਥਾਰ ਸਹਿਤ ਚਰਚਾ ਕਰਕੇ ਇਹਨਾਂ ਬਿਮਾਰੀਆਂ ਨੂੰ ਕੰਟਰੋਲ ਵਿੱਚ ਰੱਖਣ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਵੱਲੋਂ ਹਦਾਇਤ ਕੀਤੀ ਗਈ ਹੈ ਵਾਟਰ ਸਪਲਾਈ ਤੇ ਸੈਨੀਟੇਸ਼ਨ , ਨਗਰ ਕੌਂਸਲਾਂ ਆਦਿ ਵਿਭਾਗਾਂ ਨਾਲ ਤਾਲਮੇਲ ਕਰਕੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ, ਪੀਣ ਵਾਲੇ ਪਾਣੀ ਵਿੱਚ ਦੂਸ਼ਿਤ ਪਾਣੀ ਦੀ ਮਿਕਸਿੰਗ ਅਤੇ ਲੀਕੇਜ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇ , ਨਾ ਖਾਣਯੋਗ ਆਈਸਕ੍ਰੀਮ, ਛਬੀਲਾਂ, ਅਨਢਕੇ ਫਲ /ਸਬਜੀਆਂ ਤੇ ਹੋਰ ਪਦਾਰਥ ਆਦਿ, ਲੋਕਾਂ ਨੂੰ ਮੁਹਈਆ ਕਰਾਉਣ ਤੋਂ ਰੋਕਿਆ ਜਾਵੇ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਮੁੱਖ ਸਕੱਤਰ ਨੇ ਹਦਾਇਤ ਕੀਤੀ ਕਿ ਸਾਰੇ ਹਸਪਤਾਲਾਂ ਵਿੱਚ ਕਲੋਰੀਨ ਦੀਆਂ ਗੋਲੀਆਂ, ਜਿੰਕ ,ਓ.ਆਰ.ਐਸ ਅਤੇ ਹੋਰ ਲੋੜੀਦੀਆਂ ਦਵਾਈਆਂ ਦਾ ਸਟਾਕ ਲੁੜੀਂਦੀ ਮਾਤਰਾ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਟੀਚੇ ਅਨੁਸਾਰ ਪਾਣੀ ਦੇ ਸੈਂਪਲ ਇਕੱਤਰ ਕਰਕੇ ਲੈਬੋਰਟਰੀ ਵਿੱਚ ਭੇਜੇ ਜਾਣ , ਸੈਂਪਲ ਫੇਲ ਆਉਣ ਦੀ ਸੂਰਤ ਵਿੱਚ ਤੁਰੰਤ ਐਕਸ਼ਨ ਲਿਆ ਜਾਵੇ, ਕਿਸੇ ਵੀ ਥਾਂ ਤੇ ਬਿਮਾਰੀ ਦਾ ਬਰੇਕ ਆਊਟ ਹੋਣ ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਕਰਮਚਾਰੀ ਵੱਲੋਂ ਇਸ ਕੰਮ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ , ਡਾ ਦੀਪਤੀ , ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ।