ਮੋਗਾ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹ ਅੱਜ ਇਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦੀਪਕ ਅਰੋੜਾ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਨਿੱਜਰ ਨੇ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਆਬਾਦੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਰਹਿਣ ਦੀ ਸਮੱਸਿਆ ਵੀ ਪੇਸ਼ ਆ ਰਹੀ ਹੈ। ਲੋਕਾਂ ਦੀ ਇਸ ਮੁਸ਼ਕਿਲ ਨੂੰ ਆਸਾਨ ਕਰਨ ਲਈ ਨਵੀਆਂ ਕਲੋਨੀਆਂ ਵਿਕਸਤ ਕਰਕੇ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹਨਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਨਅਤੀ ਪਾਰਕਾਂ ਵੀ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਸ ਦੀ ਸ਼ੁਰੂਆਤ ਲੁਧਿਆਣਾ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੀ ਜਾ ਚੁੱਕੀ ਹੈ। ਜਲਦੀ ਹੀ ਮੋਗਾ ਵਿੱਚ ਵੀ ਇਸ ਦਿਸ਼ਾ ਵਿਚ ਕੰਮ ਸ਼ੁਰੂ ਹੋਵੇਗਾ। ਉਹਨਾਂ ਦੀਪਕ ਅਰੋੜਾ ਨੂੰ ਚੇਅਰਮੈਨੀ ਮਿਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ। ਉਹਨਾਂ ਕਿਹਾ ਕਿ ਸੂਬੇ ਵਿੱਚ ਸੜਕ ਹਾਦਸੇ ਘਟਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਜੀਵਨ ਮੁਹਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡਰਿੰਕ ਐਂਡ ਡਰਾਈਵ ਮੁਹਿੰਮ ਨੂੰ ਲੋਕਾਂ ਅਤੇ ਮੀਡੀਆ ਦੇ ਸਹਿਯੋਗ ਨਾਲ ਸਫ਼ਲ ਕੀਤਾ ਜਾਵੇਗਾ। ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਿਆਂ ਉਹਨਾਂ ਕਿਹਾ ਕਿ ਐਤਕੀਂ 87 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਯੂਨਿਟਾਂ ਘੱਟ ਦਿਖਾਉਣ ਲਈ ਇੱਕੋ ਇਮਾਰਤ ਵਿੱਚ ਦੋ ਦੋ ਬਿਜਲੀ ਦੇ ਮੀਟਰ ਲਾਉਣ ਦੀ ਕਵਾਇਦ ਤੋਂ ਪਰਹੇਜ਼ ਕਰਨ। ਉਹਨਾਂ ਨਗਰ ਨਿਗਮ ਦਿੱਲੀ ਚੋਣਾਂ ਵਿੱਚ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਹੁੰਗਾਰੇ ਲਈ ਦਿੱਲੀ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪਾਰਟੀ ਨੇ ਪਹਿਲੀ ਵਾਰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਹਿੱਸਾ ਲਿਆ ਹੈ। ਉਥੋਂ ਦੇ ਜੋ ਵੀ ਨਤੀਜੇ ਆਉਣਗੇ ਉਹ ਆਪ ਪਾਰਟੀ ਦੀ ਪ੍ਰਾਪਤੀ ਹੋਵੇਗੀ। ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜ਼ਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਹਨਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੂੰ ਹਰ ਚੋਣ ਵਿੱਚ ਇਤਿਹਾਸਿਕ ਜਿੱਤ ਹਾਸਿਲ ਹੋਈ ਹੈ। ਚੇਅਰਮੈਨ ਦੀਪਕ ਅਰੋੜਾ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ, ਸ੍ਰ ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਪ, ਸ੍ਰੀ ਅਮਨ ਰੱਖੜਾ ਮੀਡੀਆ ਇੰਚਾਰਜ ਜ਼ਿਲ੍ਹਾ ਮੋਗਾ, ਸ੍ਰ ਨਵਦੀਪ ਵਾਲੀਆ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਿਰਕਤ ਕੀਤੀ।