
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਿਹਤ ਪ੍ਰੋਗਰਾਮ ਅਫਸਰਾਂ ਨਾਲ ਮਹੀਨਾਵਾਰੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਹਨਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਦਸੰਬਰ ਮਹੀਨੇ ਦੀਆਂ ਮਹੀਨਾਵਾਰੀ ਰਿਪੋਰਟਾਂ ਦਾ ਨਿਰੀਖਣ ਕਰਕੇ ਲੋੜੀਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਾਰੇ ਸਿਹਤ ਕੇਂਦਰਾਂ ਵਿੱਚ ਬਿਜਲੀ ਦੀ ਸਪਲਾਈ ਸਮੇਤ ਬੈਕ-ਅਪ 24 ਘੰਟੇ ਨਿਰਵਿਘਨ ਕਰਨੀ/ਕਰਾਉਣੀ ਯਕੀਨੀ ਬਣਾਈ ਜਾਵੇ,ਸਿਹਤ ਸੇਵਾਵਾਂ ਜਨ-ਜਨ ਤੱਕ ਪਹੁੰਚਾਉਣ ਲਈ ਚੱਲ ਰਹੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਨੂੰ ਮੂਲ ਰੂਪ ਵਿੱਚ ਲਾਗੂ ਕੀਤਾ ਜਾਵੇ ,ਆਭਾ.ਆਈ.ਡੀਜ਼ ਬਣਾਉਣ ਵਿੱਚ ਵਾਧਾ ਕੀਤਾ ਜਾਵੇ ,ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ/ਵਿਅਕਤੀਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ।ਉਹਨਾਂ ਕਿਹਾ ਕਿ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣਾ ਸਾਡੀ ਜਿੰਮੇਵਾਰੀ ਹੈ, ਇਸ ਲਈ ਇਸ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਹੈਲਥ ਐਂਡ ਵੈਲਨੇਸ ਸੈਂਟਰਜ਼, ਪੀ.ਐਚ.ਸੀਜ਼. ਅਤੇ ਆਮ ਆਦਮੀ ਕਲੀਨਿਕਾਂ ਦੀ ਆਯੁਸ਼ਮਾਨ ਆਰੋਗਯ ਕੇਂਦਰ ਵਿੱਚ ਹੋ ਰਹੀ ਰੀ-ਬ੍ਰਾਂਡਿੰਗ ਦੇ ਕੰਮ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੂਰਾ ਕਰਨ 'ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਰੂਟੀਨ ਇਮਊਨਾਈਜੇਸ਼ਨ ਦਾ ਟੀਚਾ ਹਾਸਲ ਕਰਨ ਲਈ 100 ਫੀਸਦੀ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰੋਗਰਾਮਾਂ ਦੇ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕੀਤੇ ਜਾਣ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜ਼ਿਲਾ ਸਿਹਤ ਤੇ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜ਼ਿਲਾ ਪ੍ਰੋਗਰਾਮ ਮੈਂਨੇਜਰ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਿਲਾ ਇਵੈਲੂਏਸ਼ਨ ਅਫਸਰ ਵਿੱਕੀ ਵਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।