ਪੰਚਾਇਤੀ ਚੋਣਾਂ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਿਆ ਜਾਵੇ : ਗੋਗੀ ਭੁੱਲਰ

ਰਾਏਕੋਟ, 14 ਅਕਤੂਬਰ 2024 : ਪੰਜਾਬ ਦੇ ਪਿੰਡਾਂ ਵਿੱਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਅਤੇ ਸਹੀ ਤਰੀਕੇ ਨੇਪਰੇ ਚਾੜਨ ਲਈ ਹਰ ਇੱਕ ਇਨਸ਼ਾਨ ਨੂੰ ਸਹਿਯੋਗ ਕਰਨਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ 5 ਸਾਲ ਬਾਅਦ ਇੱਕਵਾਰ ਆਉਂਦੀਆਂ ਹਨ ਤੇ ਪਿੰਡਾਂ ਵਿੱਚ ਲੋਕਾਂ ਦਾ ਆਪਸੀ ਮੇਲ ਜੋਲ ਰੋਜਾਨਾ ਦਾ ਹੁੰਦਾ ਹੈ, ਇਸ ਲਈ ਆਪਣੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਸ਼ਾਂਤਮਈ ਢੰਗ ਨਾਲ ਪ੍ਰਸ਼ਾਸ਼ਨ ਦਾ ਸਾਥ ਦਿੰਦੇ ਹੋਏ ਬਿਨ੍ਹਾ ਕਿਸੇ ਲੜਾਈ ਤੋਂ ਨੇਪਰੇ ਚੜਨ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਪਿੰਡਾਂ ਵਿੱਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨਾ ਹੈ, ਤਾਂ ਕਿ ਨੌਜਵਾਨੀ ਨੂੰ ਬਚਾਇਆ ਜਾ ਸਕੇ ਤਾਂ ਜੋ ਮੁੜ ਤੋਂ ਪੰਜਾਬ ਨੂੰ ਮੁੜ ਸਿਹਤਮੰਦ ਤੇ ਤੰਦਰੁਸ਼ਤ ਬਣਾਇਆ ਜਾ ਸਕੇ। ਉਨ੍ਹਾਂ ਨਵੀਂਆਂ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਸਰਪੰਚ-ਪੰਚ ਚੁਣੇ ਜਾਣ ਤੋਂ ਬਾਅਦ ਬਿਨਾਂ ਕਿਸੇ ਬੈਰ ਵਿਰੋਧ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਨੂੰ ਤਰਜ਼ੀਹ ਦੇਣ ਅਤੇ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣ, ਤਾਂ ਜੋ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਛੁਟਕਾਰਾ ਪਾਇਆ ਜਾ ਸਕੇ।