- ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਨੁਕਸਾਨੇ 104 ਘਰਾਂ, 02 ਵਿਅਕਤੀਆਂ ਤੇ 02 ਪਸ਼ੂਆਂ ਦੀ ਹੋਈ ਮੌਤ ਦਾ ਦਿੱਤਾ ਗਿਆ ਮੁਆਵਜ਼ਾ
- ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ ਰਾਸ਼ਨ ਤੇ ਹੋਰ ਜਰੂਰੀ ਸਮਾਨ
- ਹੜ੍ਹ ਪੀੜ੍ਹਤਾਂ ਦੀ ਮਦਦ ਲਈ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਨੇ ਡੀ.ਸੀ. ਨੂੰ ਸੌਂਪਿਆਂ ਜਰੂਰੀ ਸਮਾਨ
ਫ਼ਤਹਿਗੜ੍ਹ ਸਾਹਿਬ, 08 ਅਗਸਤ : ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ 32 ਲੱਖ ਤੋਂ ਵੱਧ ਦਾ ਮੁਆਵਜਾ ਦਿੱਤਾ ਗਿਆ ਹੈ ਜਦੋਂ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀਆਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਭੇਜੇ ਬਰਤਨ, ਬੈੱਡਸ਼ੀਟ, ਦਵਾਈਆਂ ਅਤੇ ਹੋਰ ਸਮਾਨ ਪ੍ਰਾਪਤ ਕਰਨ ਮੌਕੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਡੇਰਾ ਦੁਫੇੜਾ ਸਾਹਿਬ ਵੱਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਹੋਰਨਾਂ ਸੰਸਥਾਵਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ 104 ਘਰਾਂ ਨੂੰ ਨੁਕਸਾਨ ਪਹੁੰਚਿਆ ਸੀ ਜਿਸ ਦਾ ਨਿਯਮਾਂ ਅਨੁਸਾਰ 05.48 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੜ੍ਹਾਂ ਕਾਰਨ ਜ਼ਿਲ੍ਹੇ ਵਿੱਚ 02 ਵਿਅਕਤੀਆਂ ਦੀ ਮੌਤ ਹੋਈ ਸੀ ਜਿਨ੍ਹਾਂ ਦੇ ਪਰਿਵਾਰਾਂ ਨੂੰ 08 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ 02 ਪਸ਼ੂਆਂ ਦੀ ਮੌਤ ਵੀ ਹੋਈ ਸੀ ਜਿਸ ਦਾ ਬਣਦਾ 75000/- ਰੁਪਏ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੜ੍ਹਾਂ ਵਿੱਚ ਘਿਰੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਲੋਰੀਨ ਯੁਕਤ ਪਾਣੀ ਦੀ ਸਪਲਾਈ, ਰਾਸ਼ਨ ਤੇ ਹੋਰ ਜਰੂਰੀ ਸਮਾਨ ਵੀ ਘਰਾਂ ਤੱਕ ਪਹੁੰਚਾਇਆ ਗਿਆ ਹੈ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਹੜ੍ਹਾਂ ਕਾਰਨ ਕਿਸੇ ਕਿਸਮ ਦਾ ਨੁਕਸਾਨ ਹੋਇਆ ਹੈ ਤਾਂ ਉਸ ਦਾ ਮੌਕੇ ਤੇ ਜਾ ਕੇ ਸਰਵੇ ਕੀਤਾ ਜਾਵੇ ਅਤੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ ਤਾਂ ਜੋ ਹੋਏ ਨੁਕਸਾਨ ਦੀ ਪੂਰੀ ਤਰ੍ਹਾਂ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜੋ ਫਸਲਾਂ ਦਾ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਦੇਣ ਲਈ ਸਪੈਸ਼ਲ ਗਿਰਦਾਵਰੀਆਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਕਿ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਪੈਸ਼ਲ ਗਿਰਦਾਵਰੀਆਂ ਦਾ ਕੰਮ ਮੁਕੰਮਲ ਹੋਣ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਐਨ. ਡੀ.ਆਰ.ਐਫ. ਦੀਆ ਟੀਮਾਂ ਵੱਲੋਂ ਵੀ ਸ਼ਲਾਘਯੋਗ ਉਪਰਾਲੇ ਕੀਤੇ ਗਏ ਹਨ।