ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ

ਜਲਾਲਾਬਾਦ, 30 ਸਤੰਬਰ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਲਾਲਾਬਾਦ ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਨ.ਡੀ.ਪੀ.ਐੱਸ.ਮਾਮਲੇ ਵਿੱਚ 28 ਸਤੰਬਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਸੀ ਤੇ ਅਦਾਲਤ ਨੇ ਖਹਿਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ। ਅੱਜ ਰਿਮਾਂਡ ਖ਼ਤਮ ਹੋਣ ’ਤੇ ਖਹਿਰਾ ਨੂੰ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਖਹਿਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੇ ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੁੰਦੇ ਹੋਏ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।