ਬਹਾਦਰਗੜ੍ਹ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਏ.ਸੀ. ਦੀਵਾਨ ਹਾਲ ਬਣਾਏ ਜਾਣ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਹੋਈ। ਦੀਵਾਨ ਹਾਲ ਤਿਆਰ ਕੀਤੇ ਜਾਣ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪੇ੍ਮ ਸਿੰਘ ਚੰਦੂਮਾਜਰਾ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰਲ ਸਿੰਘ ਲਾਛੜੂ ਵੱਲੋਂ ਆਪਣੇ ਕਰ ਕਮਲਾਂ ਨਾਲ ਇੱਟ ਰੱਖਕੇ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੁਰੂ ਘਰ ਪ੍ਰਤੀ ਸੰਗਤਾਂ ਦੀ ਵੱਡੀ ਆਸਥਾ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਅਤਿ ਆਧੁਨਿਕ ਸਹੂਲਤਾਂ ਵਾਲਾ ਏ.ਸੀ. ਦੀਵਾਨ ਹਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਜਾ ਰਿਹਾ ਹੈ ਅਤੇ ਇਸ ਕਾਰਜ ਦੀ ਸੇਵਾ ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ, ਜੋ ਦੀਵਾਨ ਹਾਲ ਨੂੰ ਜਲਦ ਤਿਆਰ ਕਰਵਾਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਹੈ ਕਿ ਦੀਵਾਨ ਹਾਲ ਨਾਮ ਨੌਵੇਂ ਪਾਤਸ਼ਾਹ ਦੇ ਅਨਿਲ ਸੇਵਕ ਰਹੇ ਨਵਾਬ ਸੈਫੂਦੀਨ ਦੇ ਨਾਂ ’ਤੇ ਰੱਖਿਆ ਜਾਵੇ ਅਤੇ ਸੰਗਤਾਂ ਦੀ ਇਹ ਮੰਗ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਕੋਲ ਭੇਜੀ ਜਾਵੇਗੀ ਅਤੇ ਆਸ ਹੈ ਕਿ ਇਹ ਮੰਗ ਜਲਦ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ਼ਹਾਦਤ ਦੇਣ ਲਈ ਦਿੱਲੀ ਜਾਂਦਿਆਂ ਇਸ ਪਾਵਨ ਅਸਥਾਨ ’ਤੇ ਪੁੱਜੇ ਸਨ ਤਾਂ ਨਵਾਬ ਸੈਫੂਦੀਨ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵੱਲ ਰਵਾਨਾ ਹੋਣ ਮੌਕੇ ਗੁਰੂ ਸਾਹਿਬ ਨਵਾਬ ਸੈਫੂਦੀਨ ਨੂੰ ਧਰਮ ਦੇ ਪ੍ਰਚਾਰ ਪਸਾਰ ਦੇ ਕਾਰਜ ਸੌਂਪ ਗਏ ਸਨ। ਪ੍ਰੋ. ਚੰਦੂਮਾਜਰਾ ਨੇ ਮੰਗ ਕੀਤੀ ਕਿ ਦੀਵਾਨ ਹਾਲ ਦਾ ਨਾਂ ਨਵਾਬ ਸੈਫੂਦੀਨ ਦੇ ਨਾਮ ’ਤੇ ਰੱਖਿਆ ਜਾਵੇ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਦੀਵਾਨ ਹਾਲ ਜਿਥੇ ਅਤਿ ਆਧੁਨਿਕ ਸਹੂਲਤਾਂ ਵਾਲਾ ਬਣਨ ਜਾ ਰਿਹਾ, ਉਥੇ ਹੀ ਗੁਰਦੁਆਰਾ ਸਾਹਿਬ ਦੀ ਯਾਦਗਾਰੀ ਗੇਟ ਵੀ ਮੁਕੰਮਲ ਰੂਪ ਵਿਚ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਅਗਲੇਰੀ ਅੰਤਿ੍ਰੰਗ ਕਮੇਟੀ ਵਿਚ ਦੀਵਾਨ ਹਾਲ ਦਾ ਨਾਮ ਨਵਾਬ ਸੈਫੂਦੀਨ ਦੇ ਨਾਂ ’ਤੇ ਰੱਖੇ ਜਾਣ ਦਾ ਮਤਾ ਲਿਆਂਦਾ ਜਾਵੇਗਾ ਅਤੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਦੀਵਾਨ ਹਾਲ ਦੀ ਆਰੰਭਤਾ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸੁਰਜੀਤ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਿਮਰਜੀਤ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਬੀ.ਸੀ. ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ, ਕੁਲਦੀਪ ਸਿੰਘ, ਸੰਦੀਪ ਸਿੰਘ ਰਾਜਾ ਤੂੜ, ਐਮ.ਐਸ. ਜੋਸ਼ਨ, ਹਰਪ੍ਰੀਤ ਸਿੰਘ ਚੌਹਾਨ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਕੇਹਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਅਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਸਨ।