- ਪਿੰਡ ਕੋਠੇ ਵੜਿੰਗ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਰਾਸ਼ੀ ਜਾਰੀ
ਫ਼ਰੀਦਕੋਟ 23 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਟੈਕਸਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਦੇ ਵਾਰਡ ਨੰਬਰ 22 ਵਿਖੇ ਬਾਈਪਾਸ ਦੇ ਰੁਕੇ ਕੰਮ ਨੂੰ 17 ਲੱਖ ਰੁਪਏ ਦੀ ਲਾਗਤ ਨਾਲ ਚਾਲੂ ਕਰਵਾਉਣ ਉਪਰੰਤ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਲਈ ਹਰ ਸੰਭਵ ਉਪਰਾਲਾ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਲੋੜ ਮੁਤਾਬਕ ਸਮੇਂ-ਸਮੇਂ ਤੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡ ਕੋਠੇ ਵੜਿੰਗ ਵਿਖੇ 25 ਲੱਖ ਰੁਪਏ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਇਸੇ ਤਰ੍ਹਾਂ ਸਕੂਲ ਦੀ ਚਾਰ ਦੀਵਾਰੀ ਦੇ ਕੰਮ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਪਿੰਡਾਂ ਵਿਚ ਵਸਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।