ਬਠਿੰਡਾ, 30 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸੰਭਾਵੀਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕਰਕੇ ਸਾਰੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਤਾਂ ਜੋ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਸ਼ੌਕਤ ਅਹਿਮਦ ਪਰੇ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪੈਂਦੀਆਂ ਡਰੇਨਾਂ ਦੀ ਸਾਫ਼-ਸਫ਼ਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੂੰ ਰਾਸ਼ਨ ਸਪਲਾਈ ਦੇ ਅਗਾਊਂ ਪ੍ਰਬੰਧ ਰੱਖਣ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਮੈਡੀਕਲ ਟੀਮਾਂ ਦਾ ਗਠਨ ਕਰਨ, ਸਿਵਲ ਸਰਜਨ ਨੂੰ ਦਵਾਈਆਂ ਦੀ ਉਪਲਬਧਤਾ, ਪੀਣ ਲਈ ਪਾਣੀ ਦਾ ਪ੍ਰਬੰਧ ਆਦਿ ਕਰਨ ਸਬੰਧੀ ਲੋੜੀਂਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜ਼ਰੂਰੀ ਸਮਾਨ ਤਿਆਰ ਰੱਖਿਆ ਜਾਵੇ ਤੇ ਸਬੰਧਤ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ ਤਾਂ ਜੋ ਜ਼ਰੂਰਤ ਪੈਣ ’ਤੇ ਇਨ੍ਹਾਂ ਨੂੰ ਵਰਤਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਐਨਡੀਆਰਐਫ਼ ਦੇ ਅਧਿਕਾਰੀਆਂ ਕੋਲੋਂ ਵੀ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਵਰਤੇ ਜਾਣ ਵਾਲੇ ਜ਼ਰੂਰੀ ਸਮਾਨ ਬਾਰੇ ਜਾਣਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।