- ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਾਅ ਤੇ ਕੰਟਰੋਲ ਕਰਨ ਲਈ ਦੱਸੇ ਨੁਕਤੇ
ਫ਼ਤਹਿਗੜ੍ਹ ਸਾਹਿਬ, 12 ਜੁਲਾਈ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਹੜ੍ਹਾਂ ਦੌਰਾਨ ਸਿਹਤ ਸੁਰੱਖਿਆ ਲਈ ਜਰੂਰੀ ਸੁਝਾਅ ਦੱਸੇ ਗਏ ਹਨ। ਉਨ੍ਹਾਂ ਨਾਗਰਿਕਾਂ ਨੂੰ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਕੰਟਰੋਲ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ ਗਏ ਹਨ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਨਾਗਰਿਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਵਰਤੋਂ ਹੀ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨਫੈਕਸ਼ਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਕਾਬੂ ਪਾਉਣ ਲਈ ਸਮੇਂ-ਸਮੇਂ ਤੇ ਸਾਬਣ ਤੇ ਪਾਣੀ ਨਾਲ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਇਲਾਜ ਆਪ ਨਹੀਂ ਕਰਨਾ ਚਾਹੀਦਾ ਸਗੋਂ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਥਾਂ ਤੇ ਇਨਫੈਕਸ਼ਨ ਦੇ ਤਿੰਨ ਤੋਂ ਵੱਧ ਕੇਸ ਧਿਆਨ ਵਿੱਚ ਆਉਣ ਤਾਂ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਤੇ ਕੀੜ੍ਹਿਆਂ ਦੇ ਕੱਟਣ ਨਾਲ ਚਮੜ੍ਹੀ ਤੇ ਬੈਕਟੀਰੀਅਲ ਇਨਫੈਕਸ਼ਨ (ਲਾਗ) ਹੋ ਜਾਂਦੀ ਹੈ। ਚਮੜ੍ਹੀ ਦੀ ਲਾਗ ਤੋਂ ਬਚਣ ਲਈ ਰਬੜ ਦੇ ਬੂਟ ਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਇਲਾਜ ਲਈ ਨੇੜਲੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਦੌਰਾਨ ਸੱਪ ਦੇ ਕੱਟਣ ਦੀਆਂ ਘਟਨਾਵਾਂ ਆਮ ਹੁੰਦੀਆਂ ਹਨ ਇਸ ਲਈ ਪਾਣੀ ਵਿੱਚ ਜਾਣ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਜਰੂਰੀ ਹੀ ਹੋਵੇ ਤਾਂ ਲੰਬੇ ਬੂਟ ਪਹਿਨਣੇ ਚਾਹੀਦੇ ਹਨ ਅਤੇ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।