- ਪ੍ਰਸ਼ਾਸਨ ਨੇ 127448.9 ਮੀਟਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 289.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ
ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਅਤੇ ਨਿਰਵਿਘਨ ਲਿਫਟਿੰਗ ਕਰੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਜੋਰਵਾਲ ਨੇ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਖਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚੋਂ 150633.1 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 127448.9 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 289.9 ਕਰੋੜ ਰੁਪਏ ਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਅਨਾਜ ਮੰਡੀਆਂ ਵਿੱਚੋਂ ਅਨਾਜ ਦੀ ਤੁਰੰਤ ਲਿਫਟਿੰਗ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਜਿਸ ਨਾਲ ਵਾਤਾਵਰਨ ਨੂੰ ਵੱਡਾ ਖ਼ਤਰਾ ਪੈਦਾ ਹੁੰਦਾ ਹੈ।