ਲੁਧਿਆਣਾ, 20 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਜ਼ਮੀਨ ਮਾਲਕਾਂ ਨੂੰ ਜਲਦੀ ਮੁਆਵਜ਼ਾ ਵੰਡਣ ਅਤੇ ਬਾਕੀ ਰਹਿੰਦੀ ਜ਼ਮੀਨ ਐਕਵਾਇਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਸ੍ਰੀ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਦੀਪਕ ਭਾਟੀਆ, ਉਪ ਮੰਡਲ ਮੈਜਿਸਟਰੇਟ ਸ੍ਰੀ ਰਜਨੀਸ਼ ਅਰੋੜਾ, ਉਪ ਮੰਡਲ ਮੈਜਿਸਟਰੇਟ ਸ੍ਰੀ ਬੇਅੰਤ ਸਿੰਘ ਸਿੱਧੂ, ਡੀ.ਆਰ.ਓ ਅੰਕਿਤਾ ਅਗਰਵਾਲ, ਐਨ.ਐਚ.ਏ.ਆਈ ਦੇ ਪ੍ਰੋਜੈਕਟ ਡਾਇਰੈਕਟਰਾਂ ਪ੍ਰਿਅੰਕਾ ਮੀਨਾ, ਪਰਸ਼ਾਂਤ ਮਹਾਜਨ ਆਦਿ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਹਰ ਹਾਈਵੇਅ ਪ੍ਰੋਜੈਕਟ ਦਾ ਜਾਇਜ਼ਾ ਲਿਆ। ਜਿਸ ਵਿੱਚ ਲੁਧਿਆਣਾ-ਰੂਪਨਗਰ, ਦਿੱਲੀ-ਕਟੜਾ, ਲੁਧਿਆਣਾ-ਬਠਿੰਡਾ ਅਤੇ ਹੋਰ ਵੀ ਸ਼ਾਮਲ ਹਨ। ਉਨ੍ਹਾਂ ਨੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਰਫ਼ਤਾਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਮੀਨ ਮਾਲਕਾਂ ਨਾਲ ਸਲਾਹ-ਮਸ਼ਵਰਾ ਕਰਕੇ ਮਸਲਿਆਂ ਦੇ ਹੱਲ ਲਈ ਸਰਗਰਮ ਪਹੁੰਚ ਅਪਣਾਉਂਦੇ ਹੋਏ ਤਰੱਕੀ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਕਿਸੇ ਵੀ ਅੜਿੱਕੇ ਦੀ ਪਛਾਣ ਕਰਨ ਅਤੇ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇਨ੍ਹਾਂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਸਹਿਜ ਤਾਲਮੇਲ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਾਈਵੇਅ ਪ੍ਰਾਜੈਕਟਾਂ ਲਈ ਬਕਾਇਆ ਪਈਆਂ ਜ਼ਮੀਨਾਂ ਦਾ ਸ਼ਾਂਤੀਪੂਰਵਕ ਕਬਜ਼ਾ ਕਰਵਾਉਣ ਅਤੇ ਇਨ੍ਹਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।