ਮੋਹਾਲੀ : ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਡਾ. ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੇਂਦਰੀ ਖੇਡ ਅਤੇ ਯੂਥ ਮਾਮਲਿਆਂ ਦੇ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨਾਲ ਐੱਨ.ਆਈ.ਐਸ. ਪਟਿਆਲਾ ਵਿਖੇ ਮੁਲਾਕਾਤ ਕੀਤੀ। ਇਸ ਬਾਰੇ ਡਾ. ਰਜਿੰਦਰ ਸਿੰਘ ਸੋਹਲ ਨੇ ਮੋਹਾਲੀ ਵਿਖੇ ਦੱਸਿਆ ਕਿ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਜੋ ਕਿ ਦਿੱਲੀ ਦੇ ਕਾਮਨਵੈਲਥ ਵਿਲੇਜ ਵਿਖੇ ਆਗਾਮੀ 26-27 ਦਸੰਬਰ ਨੂੰ ਹੋਣ ਜਾ ਰਹੀ ਹੈ ਦੇ ਸਿਲਸਿਲੇ ਵਿੱਚ ਵਫਦ ਨੇ ਉਨ੍ਹਾਂ ਨੂੰ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਿਸਦਾ ਉਨ੍ਹਾਂ ਵਲੋਂ ਸਕਾਰਾਤਮਕ ਹੁੰਗਾਰਾ ਦਿੱਤਾ ਗਿਆ। ਵਧੇਰੇ ਜਾਣਕਾਰੀ ਦਿੰਦੇ ਹੋਏ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸ਼੍ਰੀ ਅਨੁਰਾਗ ਠਾਕੁਰ ਜੀ ਦਾ ਧੰਨਵਾਦ ਕੀਤਾ ਗਿਆ ਕਿਉਂਜੋ ਉਨ੍ਹਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਨੂੰ ਰਾਸ਼ਟਰੀ ਪੱਧਰ ਤੇ ਮਾਨਤਾ ਦਿੰਦੇ ਹੋਏ ਬਾਕੀ ਖੇਡਾਂ ਦੀ ਤਰਾਂ ਖੇਲੋ ਇੰਡੀਆ ਦੇ ਵਿਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਵਾਰ 8 ਫਰਵਰੀ ਤੋਂ 10 ਫਰਵਰੀ 2023 ਨੂੰ ਮੱਧ ਪ੍ਰਦੇਸ਼ ਵਿਚ ਰਾਸ਼ਟਰੀ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਵਫਦ ਵਲੋਂ ਭਾਰਤ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ਼੍ਰੀ ਦਰਬਾਰ ਸਾਹਿਬ ਦਾ ਮਾਡਲ ਵੀ ਸਨਮਾਨ ਵਜੋਂ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ। ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਫ਼ਦ ਵਿਚ ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਰਘਬੀਰ ਸਿੰਘ ਰਿਕਾਰਡ ਕੀਪਰ ਪੰਜਾਬ ਗੱਤਕਾ ਐਸੋਸੀਏਸ਼ਨ ਵੀ ਸ਼ਾਮਲ ਰਹੇ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਜੀ ਵਲੋਂ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਮੂਹ ਮੈਂਬਰ ਸਹਿਬਾਨ ਨੂੰ ਵਿਸ਼ਵਾਸ਼ ਦਵਾਇਆ ਕਿ ਗੱਤਕਾ ਖੇਡ ਦੇ ਰਾਸ਼ਟਰ ਪੱਧਰ ਤੇ ਪ੍ਰਚਾਰ ਅਤੇ ਪ੍ਰਸਾਰ ਲਈ ਉਹ ਬਣਦਾ ਯੋਗਦਾਨ ਦੇਣਗੇ।