ਬਰਨਾਲਾ, 9 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਮਿਤੀ 08 ਅਗਸਤ, 2024 ਨੂੰ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾ ਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸਿਫਾਰਿਸ਼ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ। ਇਸ ਕੈਂਪ ਦੌਰਾਨ ਡਾ. ਜਸਮੀਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਬਰਨਾਲਾ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਯੂਨੀਵਰਿਸਟੀ ਵੱਲੋ ਸਿਫਾਰਿਸ਼ ਕੀਤੀਆਂ ਗਈਆਂ ਝੋਨੇ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਨਵਿੰਦਰ ਪਾਲ ਸਿੰਘ ਬਰਾੜ, ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸਾਨ ਇੱਕ ਏਕੜ ਵਿੱਚੋਂ ਪੈਦਾ ਹੋਈ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਵਾਹੁੰਦਾ ਹੈ ਤਾਂ ਕਿਸਾਨ ਦਾ ਪ੍ਰਤੀ ਏਕੜ 4000 ਤੋਂ 5000 ਖਰਚਾ ਵੀ ਘੱਟੇਗਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਵੇਗਾ।ਇਸ ਮੌਕੇ ਉਹਨਾਂ ਵੱਲੋਂ ਸੀ.ਆਰ. ਐੱਮ. ਸਕਮਿ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਇਸ ਸਮੇਂ ਸ਼੍ਰੀ ਚਰਨ ਰਾਮ ਖੇਤੀਬਾੜੀ ਵਿਸਥਾਰ ਅਫ਼ਸਰ,ਚੰਨਣਵਾਲ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਨੂਮਨੇ ਲੈ ਕੇ ਚੈੱਕ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਅਤੇ ਉਹਨਾਂ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।ਇਸ ਮੌਕੇ ਸ੍ਰੀ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਰਸਾਨੀ ਨੂੰ ਪੁਰਾਣੇ ਸਮਿਆਂ ਵਾਂਗ ਖੇਤੀ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਉੱਪਰ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ.ਨੇ ਸਟੇਜ ਦਾ ਸੰਚਾਲਣ ਕੀਤਾ ਅਤੇ ਆਤਮਾ ਸਕਮਿ ਸਬੰਧੀ ਜਾਣਕਾਰੀ ਦਿੱਤੀ।ਇਹਨਾਂ ਤੋਂ ਇਲਾਵਾ ਸ੍ਰੀ ਕੁਲਦੀਪ ਸਿੰਘ ਬੇਲਦਾਰ, ਸ੍ਰੀ ਭਗਵਾਨ ਸਿੰਘ ਬੇਲਦਾਰ ਅਤੇ ਅਗਾਂਹ ਵਧੂ ਕਿਸਾਨ ਰਣਜੀਤ ਸਿੰਘ, ਨਵਜੋਤ ਸਿੰਘ, ਜਗਦੀਪ ਸਿੰਘ, ਗਗਨਦੀਪ ਸਿੰਘ, ਕਰਮਜੀਤ ਸਿੰਘ,ਹਰਜੀਤ ਸਿੰਘ, ਗੁਰਜੰਟ ਸਿੰਘ, ਸੇਵਾ ਸਿੰਘ, ਪ੍ਰੀਤਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।