ਰੂਪਨਗਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ਉੱਤੇ ਯਕੀਨੀ ਕਰਨ ਲਈ ਸਮੂਹ ਸੀਨੀਅਰ ਮੈਡੀਕਲ ਅਫਸਰ, ਜਿਲ੍ਹਾ ਰੂਪਨਗਰ, ਜਿਲ੍ਹਾ ਐਲੀਮੈਂਟਰੀ ਤੇ ਸੈਕੰਡਰੀ ਸਿਖਿਆ ਅਫਸਰ, ਰੂਪਨਗਰ, ਨਗਰ ਕੌਂਸਲ, ਸੀ.ਡੀ.ਪੀ.ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਆਪਣੇ ਵਿਭਾਗਾਂ ਦੁਆਰਾ ਕੀਤੀ ਜਾਣ ਵਾਲ਼ੀ ਕਾਰਗੁਜ਼ਾਰੀ ਦਾ 15 ਦਿਨੀਂ ਐਕਸ਼ਨ ਪਲਾਨ ਬਣਾਉਣ। ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਪਾਣੀ ਨਾਲ਼ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ ਜੇਕਰ ਸਾਰੇ ਵਿਭਾਗ ਆਮ ਲੋਕਾਂ ਦੇ ਸਹਿਯੋਗ ਨਾਲ਼ ਕੰਮ ਕਰਨ ਅਤੇ ਮੱਛਰ ਨੂੰ ਪੈਦਾ ਹੋਣ ਲਈ ਕਿਸੇ ਵੀ ਤਰ੍ਹਾਂ ਦਾ ਸੁਖਾਵਾ ਵਾਤਾਵਰਨ ਨਾ ਬਣਨ ਦਿੱਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਅਤੇ ਮਾਰਨ ਸਬੰਧੀ ਛਿੜਕਾਅ ਲਈ ਵਰਤੇ ਜਾਂਦੀਆਂ ਦਵਾਈਆਂ ਦੀ ਜਾਣਕਾਰੀ ਸਾਰੇ ਵਿਭਾਗਾਂ ਨੂੰ ਜਲਦ ਮੁਹੱਈਆ ਕਰਵਾਈ ਜਾਵੇ ਅਤੇ ਵਿਭਾਗਾਂ ਵਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਲਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਇਹ ਅੱਤ ਜਰੂਰੀ ਹੈ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਐਲੀਮੈਂਟਰੀ ਤੇ ਸੈਕੰਡਰੀ ਸਿਖਿਆ ਅਫਸਰ ਨੂੰ ਵਿਸ਼ੇਸ਼ ਤੌਰ ਉਤੇ ਕਿਹਾ ਗਿਆ ਕਿ ਸਕੂਲਾਂ ਵਿਚ ਸਵੇਰੇ ਹੋਣ ਵਾਲੀ ਅਸੈਂਬਲੀ ਵਿਚ ਬੱਚਿਆਂ ਨੂੰ ਡੇਂਗੂ ਦੀ ਬਿਮਾਰੀ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਜਾਵੇ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਵਿਦਿਆਰਥੀਆਂ ਵਲੋਂ ਇਹ ਜਾਣਕਾਰੀ ਆਪਣੇ ਘਰਾਂ ਤੱਕ ਸਾਂਝੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤਾਂ ਜਾਰੀ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਸੀ.ਡੀ.ਪੀ.ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀ ਨੂੰ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਦਿਨ ਵਿੱਚ ਦੋ ਵਾਰ ਫੌਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕਿਤੇ ਵੀ ਕੂੜਾ-ਕਰਕਟ ਦੇ ਢੇਰ ਇਕੱਠੇ ਨਾ ਹੋਣ ਦਿੱਤੇ ਜਾਣ ਅਤੇ ਛੁੱਟੀ ਵਾਲੇ ਦਿਨ ਵੀ ਕੂੜੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ਼ ਸਿਸਟਮ ਦੀਆਂ ਪਾਇਪਾਂ ਦੀ ਸਮੇਂ ਸਿਰ ਚੈਕਿੰਗ ਕੀਤੀ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚੇ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਵੇ ਤੇ ਸਰਕਾਰੀ ਦਫਤਰਾਂ ਅਤੇ ਸਕੂਲ ਦੇ ਅਧਿਕਾਰੀ ਖਾਸ ਤੌਰ ਤੇ ਇਹ ਸੁਨਿਸ਼ਚਿਤ ਕਰਨ ਕਿ ਉਹ ਆਪਣੇ ਕਾਰਜ ਖੇਤਰ ਅਤੇ ਇਸਦੇ ਆਸ-ਪਾਸ ਕਿਤੇ ਵੀ ਡੇਂਗੂ ਦਾ ਮੱਛਰ ਪਲਣ ਲਈ ਪਾਣੀ ਖੜ੍ਹਾ ਨਾ ਹੋਣ ਦੇਣ। ਇਸ ਮੌਕੇ ਐਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਵ) ਸ ਅਮਰਦੀਪ ਸਿੰਘ ਗੁਜਰਾਲ, ਐਸ ਡੀ ਐਮ ਰੂਪਨਗਰ ਸ ਹਰਬੰਸ ਸਿੰਘ, ਐੱਸ ਡੀ ਐੱਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਤਹਸੀਲਦਾਰ ਰੂਪਨਗਰ ਸ ਜਸਪ੍ਰੀਤ ਸਿੰਘ, ਤਹਸੀਲਦਾਰ ਸ੍ਰੀ ਚਮਕੌਰ ਸਾਹਿਬ ਚੇਤਨ ਬੰਗੜ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੰਜਨਾ ਕਤਿਆਲ ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।