ਫਾਜ਼ਿਲਕਾ, 25 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲੇ੍ਹ ਅੰਦਰ ਪਰਾਲੀ ਨੂੰ ਸੜਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ। ਉਨ੍ਹਾਂ ਹਦਾਇਤ ਕਰਦਿਆਂ ਵੀ ਕਿਹਾ ਕਿ ਜੇਕਰ ਕੋਈ ਪਰਾਲੀ ਸਾੜਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗੀ ਅਧਿਕਾਰੀ ਲਗਾਤਾਰ ਇੰਡਸਟਰੀਆਂ, ਗਉਸ਼ਾਲਾਵਾਂ ਅਤੇ ਬੇਲਰ ਮਾਲਕਾਂ ਨਾਲ ਰਾਬਤਾ ਕਾਇਮ ਕਰਨ ਤਾਂ ਜ਼ੋ ਪਰਾਲੀ ਨੂੰ ਅਗ ਨਾ ਲਗਾ ਕੇ ਇਸਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਵੱਖ—ਵੱਖ ਪਿੰਡਾਂ ਵਿਚ ਬਣਾਏ ਗਏ ਲੈਂਡ ਬੈਂਕਾਂ ਸਬੰਧੀ ਵੀ ਕਿਸਾਨਾਂ ਨਾਲ ਸੂਚਨਾ ਸਾਂਝੀ ਕੀਤੀ ਜਾਵੇ ਜਿਥੇ ਕੋਈ ਵੀ ਪਰਾਲੀ ਸਟੋਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਲਗਾਤਾਰ ਕਿਸਾਨ ਵੀਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਸਾਨ ਵੀਰਾਂ ਨੂੰ ਵਾਰ—ਵਾਰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਦਾ ਯੋਗ ਤਰੀਕੇ ਨਾਲ ਨਿਬੇੜਾ ਕਰਨ ਲਈ ਸਰਕਾਰ ਵੱਲੋਂ ਸਬਸਿਡੀ *ਤੇ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅਗ ਨਾ ਲਗਾ ਕੇ ਪਰਾਲੀ ਨੂੰ ਜਮੀਨ ਵਿਚ ਵਹਾ ਕੇ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਇਕ ਅਣਮੁਲੀ ਖਾਦ ਹੈ ਜਿਸ ਵਿਚ ਅਨੇਕਾ ਪੋਸ਼ਟਿਕ ਤੱਤ ਹੁੰਦੇ ਹਨ ਜਿਸ ਨੂੰ ਸਾੜ ਕੇ ਅਣਮੁਲੀ ਖਾਦ ਦਾ ਖਾਤਮਾ ਕਰ ਲੈਂਦੇ ਹ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿਚ ਵਹਾ ਕੇ ਜਮੀਨ ਦੀ ਉਪਜਾਓ ਸ਼ਕਤੀ ਕਾਇਮ ਰੱਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾ ਕੇ ਜਿਥੇ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਪਰਾਲੀ ਨੂੰ ਅਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂੰਏ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਜ਼ੋ ਕਿ ਦੁਰਘਟਨਾ ਦਾ ਕਾਰਨ ਬਣਦਾ ਹੈ ਤੇ ਲੋਕਾਂ ਦੀ ਸਿਹਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਐਸ.ਡੀ.ਐਮ. ਅਕਾਸ਼ ਬਾਂਸਲ, ਮੁਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ, ਕਲਸਟਰ ਇੰਚਾਰਜ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।