- ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ
- ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ
ਜਲਾਲਾਬਾਦ, 30 ਜੂਨ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗ ਸਰਕਾਰੀ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਤਾਂ ਜ਼ੋ ਲੋਕਾਂ ਨੂੰ ਵਧੀਆਂ ਨਾਗਰਿਕ ਸੇਵਾਵਾਂ ਮਿਲ ਸਕਨ।ਉਨ੍ਹਾਂ ਨੇ ਕਿਹਾ ਕਿ ਹਰ ਲੋੜਵੰਦ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੋਂਸਲ ਨੂੰ ਬੇਸਹਾਰਾ ਜਾਨਵਰਾਂ ਨੂੰ ਗਉਸ਼ਾਲਾ ਭੇਜਣ ਦੀ ਕਾਰਜਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਦੇ ਅਧਿਕਾਰੀਆਂ ਦੇ ਫੀਲਡ ਦੇ ਦੌਰਿਆਂ ਦੀ ਪ੍ਰਗਤੀ ਰਿਪੋਰਟ ਲਈ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਜਿਆਦਾ ਤੋਂ ਜਿਆਦਾ ਨਵੇਂ ਪੌਦੇ ਲਗਾਏ ਜਾਣ। ਉਨ੍ਹਾਂ ਨੇ ਮਾਇਨਿੰਗ ਵਿਭਾਗ ਨੂੰ ਨਜਾਇਜ ਮਾਇਨਿੰਗ ਰੋਕਣ ਲਈ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਇਲਾਂ ਬਿਨ੍ਹਾਂ ਕਿਸੇ ਕਾਰਨ ਕਿਤੇ ਵੀ ਰੁਕੀਆਂ ਨਾ ਰਹਿਣ ਅਤੇ ਹਰੇਕ ਕਰਮਚਾਰੀ ਜਾਂ ਅਧਿਕਾਰੀ ਵੱਧ ਤੋਂ ਵੱਧ ਤਿੰਨ ਦਿਨ ਵਿਚ ਫਾਇਲ ਨੂੰ ਕਲੀਅਰ ਕਰੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਆਦਿ ਲਈ ਵੱਖ ਵੱਖ ਵਿਭਾਗ ਆਪਸੀ ਤਾਲਮੇਲ ਬਿਹਤਰ ਕਰਨ ਤਾਂ ਜ਼ੋ ਰੁਕਾਵਟਾਂ ਦੂਰ ਕਰਕੇ ਵਿਕਾਸ ਕਾਰਜ ਛੇਤੀ ਪੂਰੇ ਕੀਤੇ ਜਾ ਸਕਨ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋਵੇ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਹੁਣ ਤੋਂ ਹੀ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਪਰਾਲੀ ਸਾੜਨ ਵਾਲੇ ਅਤੇ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤਾਂ ਜ਼ੋ ਸਾੜਨ ਵਾਲਿਆਂ ਨੂੰ ਇਸ ਵਾਰ ਵਰਜਿਆਂ ਜਾ ਸਕੇ ਅਤੇ ਨਾ ਸਾੜਨ ਵਾਲਿਆਂ ਦੀ ਹੌਂਸਲਾਂ ਅਫਜਾਈ ਕਰਕੇ ਨਾ ਸਾੜਨ ਵਾਲਿਆਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ। ਉਨ੍ਹਾਂ ਨੇ ਬਕਾਇਆ ਪਏ ਇੰਤਕਾਲ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਨਗਰ ਕੌਂਸਲ ਦੇ ਪ੍ਰਧਾਨ ਨਤਾਲੀਆ, ਸੀਨਿ: ਉਪ ਪ੍ਰਧਾਨ ਸ੍ਰੀ ਰਛਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।