ਸ੍ਰੀ ਮੁਕਤਸਰ ਸਾਹਿਬ 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨਾਂ ਬਲਾਕ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਸਾਰੇ ਪਿੰਡਾਂ ਵਿੱਚ ਪਹਿਲਾਂ ਤੋਂ ਤਿਆਰ ਕੀਤੇ ਗਏੇ ਪ੍ਰੋਗਰਾਮ ਅਨੁਸਾਰ ਦੌਰਾ ਕਰਨਗੀਆਂ ਅਤੇ ਸਪੀਕਰ ਰਾਹੀਂ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਾਂ ਬਾਬਤ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਾਂ ਸਾਰੇ, ਸਰਕਾਰ ਵੱਲੋ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਾਮਿਲ ਹੋ ਕੇ ਮਨੁੱਖੀ ਸਿਹਤ, ਭੂਮੀ ਸਿਹਤ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਪ੍ਰਦੂਸਿ਼ਤ ਹੋਣ ਤੋਂ ਬਚਾਉਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਈਏ।ਇਸ ਮੌਕੇ ਉਹਨਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਪਰਾਲੀ ਸਾੜਣ ਨਾਲ ਖੇਤਾਂ ਦੇ ਆਲੇ ਦੁਆਲੇ ਅਤੇ ਸੜਕਾਂ ਦੇ ਕਿਨਾਰਿਆਂ ਤੇ ਮੌਜੂਦ ਦਰਖਤ ਝੁਲਸ ਜਾਂਦੇ ਹਨ ਅਤੇ ਲਾਹੇਵੰਦ ਜੀਵ ਜੰਤੂਆ, ਮਿੱਤਰ ਕੀੜਿਆ ਅਤੇ ਸੂਖਮ ਜੀਵਾ ਤੇ ਵੀ ਮਾੜਾ ਅਸਰ ਪੈਦਾ ਹੈ। ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਸ੍ਰੀ ਗੁਰਨਾਮ ਸਿੰਘ ਨੇ ਵੀ ਕਿਸਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਇਲ ਫੋਨ ਵਿੱਚ ਉੱਨਤ ਕਿਸਾਨ ਐਪ ਡਾਊਨ ਲੋਡ ਕਰਕੇ ਆਪਣੇ-ਆਪਣੇ ਇਲਾਕੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਦੀ ਖੇਤਾਂ ਵਿੱਚ ਵੱਧ ਤੋ ਵੱਧ ਵਰਤੋਂ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਜਮੀਨ ਦੇ ਅੰਦਰ ਦਬਾ ਕੇ ਜਾਂ ਬਾਹਰ ਕੱਢ ਕੇ (ਗੱਠਾਂ ਬਣਾ ਕੇ) ਕਣਕ ਦੀ ਬਿਜਾਈ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਮੌਕੇ ਉਨ੍ਹਾ ਨੇ ਦੱਸਿਆ ਕਿ ਇੱਕ ਏਕੜ ਰਕਬੇ ਵਿਚ ਲਗਭਗ 30 ਕੁਇੰਟਲ ਪਰਾਲੀ ਨਿਕਲਦੀ ਹੈ, 10 ਕੁਇੰਟਲ ਪਰਾਲੀ ਸਾੜਨ ਨਾਲ ਲਗਭਗ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟੋ੍ਰਜਨ, 2.3 ਕਿਲੋ ਫਾਸਫੋਰਸ,25 ਕਿਲੋ ਪੋਟਾਸੀਅਮ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਦਾ ਹੈ। ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜਮੀਨ ਵਿੱਚ ਹੀ ਵਾਹਿਆ ਜਾਵੇ। ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜ਼), ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਕਰਨਜੀਤ ਸਿੰਘ (ਪੀ.ਡੀ.) ਆਤਮਾ, ਸ੍ਰੀ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਹਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੀ ਮੌਜੂਦ ਸਨ।