- ਕੋਤਾਹੀ ਵਰਤਣ ਵਾਲਿਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ
- ਇਸ ਸਬੰਧੀ ਸਕੂਲ ਮੁਖੀਆਂ ਨੂੰ ਸਵੈ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ ਲਈ ਵੀ ਕਿਹਾ
ਲੁਧਿਆਣਾ, 16 ਅਪ੍ਰੈਲ : ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਰਣਦੀਪ ਸਿੰਘ ਹੀਰ, ਡੀ.ਈ.ਓ ਹਰਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ.ਸੀ.ਪੀ.ਓ) ਰਸ਼ਮੀ, ਟ੍ਰੈਫਿਕ ਪੁਲਿਸ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਟ੍ਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਦੇ ਮੈਂਬਰਾਂ ਵੱਲੋਂ ਪ੍ਰਾਈਵੇਟ, ਸਰਕਾਰੀ ਸਹਾਇਤਾ ਪ੍ਰਾਪਤ, ਸਰਕਾਰੀ ਸਕੂਲਾਂ ਸਮੇਤ ਵੱਖ-ਵੱਖ ਸਕੂਲਾਂ ਦੇ ਸਕੂਲ ਮੁਖੀਆਂ ਨੂੰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਲਾਗੂ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ, ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਦੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ 'ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਹੋਰ ਨਿਯਮਾਂ ਦੇ ਨਾਲ ਫਸਟ ਏਡ ਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ। ਸਕੂਲ ਮੁਖੀਆਂ ਨੂੰ ਸਾਰੇ ਮਾਪਦੰਡਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਇਸ ਹਫ਼ਤੇ ਦੇ ਅੰਦਰ-ਅੰਦਰ ਆਪੋ-ਆਪਣੇ ਸਕੂਲਾਂ ਵਿੱਚ ਪਾਲਿਸੀ ਦੀ ਪਾਲਣਾ ਸਬੰਧੀ ਸਵੈ ਘੋਸ਼ਣਾ ਪੱਤਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਨੇੜ ਭਵਿੱਖ ਵਿੱਚ ਕਾਰਵਾਈ ਤੋਂ ਬਚਿਆ ਜਾ ਸਕੇ। ਸਕੂਲਾਂ ਨੂੰ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲਾਂ ਦੇ ਬਾਹਰ ਟ੍ਰੈਫਿਕ ਜਾਮ ਨਾ ਲੱਗੇ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਸਕੂਲਾਂ ਨੇ ਇਸ ਹਫ਼ਤੇ ਦੇ ਅੰਦਰ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪਾਲਣਾ ਸਬੰਧੀ ਸੂਚਨਾ ਵਿਭਾਗ ਕੋਲ ਜਮ੍ਹਾ ਕਰਵਾਉਣੀ ਹੋਵੇਗੀ ਨਹੀਂ ਤਾਂ ਨਿਯਮਾਂ ਦੀ ਧਾਰਾ 24 ਅਨੁਸਾਰ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਪ੍ਰਸ਼ਾਸਨ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਬਹਾਨਾ ਬਰਦਾਸ਼ਤ ਨਹੀਂ ਕਰੇਗਾ। ਆਉਣ ਵਾਲੇ ਸਮੇਂ ਵਿੱਚ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਹੋਵੇਗਾ। ਸਕੱਤਰ ਆਰ.ਟੀ.ਏ. ਅਤੇ ਟ੍ਰੈਫਿਕ ਪੁਲਿਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਪਾਲਣਾ ਨੂੰ ਯਕੀਨੀ ਬਣਾਉਣਗੇ ਅਤੇ ਸਖ਼ਤ ਕਾਰਵਾਈ ਕਰਨਗੇ। ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸਕੂਲ ਪ੍ਰਬੰਧਕਾਂ ਨੂੰ ਸਕੂਲ ਪੱਧਰ 'ਤੇ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਆਵਾਜਾਈ ਦੇ ਅਸੁਰੱਖਿਅਤ ਢੰਗਾਂ ਜਿਵੇਂ ਕਿ ਓਵਰਲੋਡ ਈ-ਰਿਕਸ਼ਾ ਆਦਿ ਬਾਰੇ ਗੱਲ ਕਰਦਿਆਂ, ਡਿਪਟੀ ਕਮਿਸ਼ਨਰ ਸਾਹਨੀ ਨੇ ਸਕੂਲ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਮਾਪਿਆਂ ਨੂੰ ਜਾਗਰੂਕ ਕਰਨ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਰਾਹੀਂ ਸਕੂਲਾਂ ਵਿੱਚ ਭੇਜਣ ਲਈ ਕਿਹਾ। ਜੇਕਰ ਸਕੂਲ ਨੂੰ ਮਾਪਿਆਂ ਵੱਲੋਂ ਵਿਦਿਆਰਥੀਆਂ ਲਈ ਆਵਾਜਾਈ ਦੇ ਅਸੁਰੱਖਿਅਤ ਢੰਗ ਅਪਣਾਏ ਜਾਣ ਬਾਰੇ ਪਤਾ ਲੱਗਦਾ ਹੈ ਤਾਂ ਸਕੂਲ ਪ੍ਰਬੰਧਕਾਂ ਨੂੰ ਇਸ ਬਾਰੇ ਪ੍ਰਸ਼ਾਸਨ ਨੂੰ ਵੀ ਜਾਣੂ ਕਰਵਾਉਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਸਕੂਲ ਮੁਖੀਆਂ ਨਾਲ ਗੱਲਬਾਤ ਵੀ ਕੀਤੀ। ਅਖੀਰ ਵਿੱਚ, ਡਿਪਟੀ ਕਮਿਸ਼ਨਰ ਸਾਹਨੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਵੋਟਰ ਜਾਗਰੂਕਤਾ ਫੈਲਾਉਣ ਲਈ ਵੀ ਕੰਮ ਕਰਨ।