- ਕਿਹਾ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਮੂਹ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਜ਼ਰੂਰੀ
ਫਾਜ਼ਿਲਕਾ 5 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਗਊਸ਼ਾਲਾਵਾਂ, ਇੰਡਸਟਰੀ ਅਤੇ ਖੇਤੀਬਾੜੀ ਦੇ ਪ੍ਰਬੰਧਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪਰਾਲੀ ਦੇ ਪ੍ਰਬੰਧਨ ਅਤੇ ਨਿਪਟਾਰੇ ਦੇ ਵੱਖ-ਵੱਖ ਢੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਪਰਾਲੀ ਪਸ਼ੂਆਂ ਦੇ ਚਾਰੇ ਵਿੱਚ ਵਰਤੀ ਜਾ ਸਕਦੀ ਹੈ ਇਸ ਲਈ ਗਊਸ਼ਾਲਾਵਾਂ ਵਿੱਚ ਪਰਾਲੀ ਦਾ ਵੱਧ ਤੋਂ ਵੱਧ ਸਟੋਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਤੋਂ ਖਾਦ ਬਣਾਉਣ ਲਈ ਇੰਡਸਟਰੀ ਲਗਾਉਣ ਤੇ 60 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ ਤੇ ਜੋ ਵੀ ਚਾਹਵਾਨ ਹਨ ਉਹ ਇੰਡਸਟਰੀ ਲਗਾ ਕੇ ਪਰਾਲੀ ਨੂੰ ਸਟੋਰ ਕਰਕੇ ਖਾਦ ਬਣਾ ਕੇ ਵੇਚ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਵੱਧ ਤੋਂ ਵੱਧ ਕੈਂਪ ਲਗਾ ਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਹਮੇਸਾ ਨਾਲ ਖੜ੍ਹਾ ਹੈ ਤੇ ਉਨ੍ਹਾਂ ਨੂੰ ਜੋ ਵੀ ਮਦਦ ਦੀ ਲੋੜ ਹੈ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਉਹ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਜਿੱਥੇ ਪਰਾਲੀ ਨੂੰ ਸਾੜਨ ਤੋਂ ਹੁੰਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਵੀ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸੜਨ ਤੋਂ ਤਾਂ ਹੀ ਰੁਕ ਸਕਦੀ ਹੈ ਜੇਕਰ ਕਿਸਾਨ ਤੇ ਸਾਰੇ ਰਲ ਕੇ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਖੇਤਾਂ ਵਿੱਚ ਚੁਕਵਾਈਆਂ ਜਾ ਸਕਦੀਆਂ ਹਨ ਤੇ ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਜਮੀਨ ਦੀ ਉਪਜਾਊ ਸਕਤੀ ਤਾਂ ਵਧਦੀ ਹੈ ਨਾਲ ਹੀ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਵਾਲੀਆਂ ਮਸ਼ੀਨਾਂ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਂਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਪੰਚਾਲ, ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਵੱਖ-ਵੱਖ ਉਦਯੋਗਪਤੀ ਸ਼ਾਮਲ ਸਨ।