ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ

  • ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਵੱਖ ਵੱਖ ਵਿਭਾਗਾਂ ਨੂੰ ਸਾਂਝੀ ਰਣਨੀਤੀ ਨੂੰ ਅਮਲ ਵਿੱਚ ਲਿਆਉਂਣ ਦੀ ਕੀਤੀ ਹਦਾਇਤ
  • ਸਬੰਧਤ ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ 'ਤੇ ਰਾਬਤਾ
  • ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬਧਤਾ ਸਬੰਧੀ ਡਾਟਾ ਬੇਸ ਤਿਆਰ ਕਰਨ ਦੀ ਦਿੱਤੀ ਹਦਾਇਤ

ਮਾਲੇਰਕੋਟਲਾ 11 ਮਾਰਚ 2025 : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ।ਇਸ ਮੌਕੇ 'ਤੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਸਾਂਝੀ ਰਣਨੀਤੀ ਅਨੁਸਾਰ ਕੰਮ ਕਰਨ ਦੀ ਹਦਾਇਤ ਦਿੱਤੀ, ਤਾਂ ਜੋ ਪਰਾਲੀ ਸਾੜਣ ਦੀ ਸਮੱਸਿਆ ਨੂੰ ਰੋਕਿਆ ਜਾ ਸਕੇ । ਇਸ ਮੌਕੇ ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਹੇਠਲੇ ਪੱਧਰ 'ਤੇ ਰਾਬਤਾ ਕਰਨ ਅਤੇ ਉਨ੍ਹਾਂ ਦੀ ਜਰੂਰਤ ਅਨੁਸਾਰ ਮਸ਼ੀਨਰੀ ਉਪਲਬਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰਨ ਦੀ ਹਦਾਇਤ ਕੀਤੀ ਤਾਂ ਜੋ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਿਲ ਕੀਤਾ ਜਾ ਸਕੇ । ਉਨ੍ਹਾਂ ਹਦਾਇਤ ਕੀਤੀ ਕਿ ਵਿਭਾਗ ਪਰਾਲੀ ਪ੍ਰਬੰਧਨ ਵਿੱਚ ਆਪਣੀ ਭੂਮਿਕਾ ਨਿਭਾਉਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮਿਲਜੁਲ ਕੇ ਕੰਮ ਕਰਨ। ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧ ਸਬੰਧੀ ਜਾਗਰੂਕ ਕਰਨ ਅਤੇ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਅਤੇ ਨੋਡਲ ਅਫ਼ਸਰਾਂ ਦੀਆਂ ਤਾਇਨਾਤੀਆਂ ਪਹਿਲਾਂ ਹੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਐਸ.ਡੀ.ਐਮ.,ਪੁਲਿਸ ਪ੍ਰਸਾਸ਼ਨਿਕ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਆਪਣੀਆਂ ਸਬ ਡਵੀਜ਼ਨਾਂ ਅੰਦਰ ਫੀਲਡ 'ਚ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿਨ੍ਹਾਂ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉਨ੍ਹਾਂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਕਰਕੇ ਬੈਲਰਾਂ ਦੀ ਉਪਲਬਧਤਾ ਸਬੰਧੀ ਡਾਟਾ ਇੱਕਤਰ ਕੀਤਾ ਜਾਵੇ । ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਉਹ ਅਜਿਹੇ ਕਿਸਾਨਾਂ ਦੀ ਪਛਾਣ ਕਰਨ ਜਿੰਨਾਂ ਨੇ ਪਿਛਲੇ ਤਿੰਨ-ਚਾਰ ਸਾਲਾਂ ਤੋਂ ਪਰਾਲੀ ਪ੍ਰਬੰਧਨ ਤਕਨੀਕ ਅਪਣਾਕੇ ਬਿਨਾਂ ਅੱਗਾਂ ਲਗਾਏ ਫਸਲੀ ਰਹਿੰਦ-ਖੂਹੰਦ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫਸਲੀ ਰਹਿੰਦ-ਖੂਹੰਦ ਅਤੇ ਪਰਾਲੀ ਦੇ ਯੋਗ ਉਦਯੋਗਿਕ ਨਿਪਟਾਰੇ ਸਬੰਧੀ ਜਾਣਕਾਰੀ ਇੱਕਤਰ ਕਰਕੇ ਕਿਸਾਨਾਂ ਨਾਲ ਸਾਂਝੀ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਹੈ, ਐਸ.ਡੀ.ਐਮਜ਼ ਆਪਣੀ ਨਿਗਰਾਨੀ ਹੇਠ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, ਐਸ ਪੀ (ਐਚ) ਸਵਰਨਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਡੀ ਐਸ ਪੀ ਰਣਜੀਤ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ,ਮੁੱਖ ਖੇਤੀਬਾੜੀ ਅਫਸਰ ਡਾ ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫਸਰ ਡਾ. ਕੁਲਵੀਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।