- ਜਤਿੰਦਰ ਜੋਰਵਾਲ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ
ਲੁਧਿਆਣਾ, 9 ਅਕਤੂਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਦੀ ਜ਼ਮੀਨੀ ਪੱਧਰ 'ਤੇ ਜਾ ਕੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਖਰੀਦ ਏਜੰਸੀਆਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਉਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਬਹੁਤਾਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਖਰੀਦ ਅਤੇ ਲਿਫਟਿੰਗ ਦੇ ਸਮੁੱਚੇ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਤੁਰੰਤ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਵੱਧ ਤੋਂ ਵੱਧ ਅਦਾਇਗੀਆਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਕਾਰਜ਼ਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਮੰਡੀਆਂ ਵਿੱਚ ਝੌਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਇਕ ਰਿਪੋਰਟ ਉਨ੍ਹਾਂ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਖਰੀਦ, ਲਿਫਟਿੰਗ ਜਾਂ ਅਦਾਇਗੀ ਆਦਿ ਨਾਲ਼ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਉਸ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ ਤਾਂ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਦੌਰਾਨ ਅਧਿਕਾਰੀਆਂ ਨੂੰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਫਸਲ ਸਮਰਥਨ ਮੁੱਲ ਤੇ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੇ ਹੀ ਜਲਦ ਤੋਂ ਜਲਦ ਉਨ੍ਹਾਂ ਦੀ ਫਸਲ ਦੀ ਖਰੀਦ ਕਰਨ ਨੂੰ ਯਕੀਨੀ ਬਣਾਇਆ ਜਾਵੇ।