- ਸਰਕਾਰੀ ਵਿਭਾਗਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ
- ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 12 ਜੂਨ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜਾਨਾ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇੰਤਕਾਲ ਦੇ ਬਕਾਇਆ ਮਾਮਲਿਆਂ, ਕੋਰਟ ਕੇਸਾਂ, ਨਿਸ਼ਾਨਦੇਹੀ, ਜਮ੍ਹਾਂਬੰਦੀਆਂ, ਵੰਡ ਦੇ ਕੇਸਾਂ, ਬਕਾਇਆ ਵਰਤੋਂ ਸਰਟੀਫਿਕੇਟਾਂ, ਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਰਧਾਰਿਤ ਸਮੇਂ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਰਾ ਮਾਲ ਅਫ਼ਸਰ ਬਾਦਲ ਦੀਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।