- ਮਿਸ਼ਨ ਐਕਸੀਲੈਂਸ, ਅਕਾਦਮਿਕ ਤੇ ਖੇਡ ਗਤੀਵਿਧੀਆਂ ਸਮੇਤ ਸਮੁੱਚੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
- ਮਿਡ-ਡੇਅ-ਮੀਲ ਦੌਰਾਨ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ, ਬੱਚਿਆਂ ਨੂੰ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਆ
ਸੰਗਰੂਰ, 2 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿੱਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਣ ਤਾਂ ਜੋ ਬੱਚੇ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਨੂੰ ਛੂਹ ਸਕਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮਿਸ਼ਨ ਐਕਸੀਲੈਂਸ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਸਰਵੋਤਮ ਬਣਾਉਣ ਲਈ ਇੱਕ ਮਹੱਤਵਪੂਰਨ ਜ਼ਰੀਆ ਹੈ ਜਿਸ ਨੂੰ ਹਰ ਸਕੂਲ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਮਿਡ-ਡੇਅ-ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਕਤਾਰ ਵਿੱਚ ਬੈਠ ਕੇ ਖਾਣਾ ਖਾਧਾ ਅਤੇ ਵਿਦਿਆਰਥੀਆਂ ਵੱਲੋਂ ਭਵਿੱਖ ਲਈ ਉਲੀਕੇ ਗਏ ਸੁਪਨਿਆਂ ਬਾਰੇ ਪੁੱਛਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਟ ਕੱਟ ਨਹੀਂ ਹੈ ਇਸ ਲਈ ਆਪਣੇ ਜੀਵਨ ਵਿੱਚ ਵੱਡੇ ਮੁਕਾਮਾਂ ਨੂੰ ਹਾਸਲ ਕਰਨ ਲਈ ਦਿਲ ਲਗਾ ਕੇ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਹਾਸਲ ਹੋ ਸਕਣ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮੂਹਰਲੀ ਕਤਾਰ ਵਿੱਚ ਆ ਕੇ ਪਰਿਵਾਰ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਜਾ ਸਕੇ। ਇਸ ਸਮੇਂ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ ਵੀ ਹਾਜ਼ਰ ਸਨ।