- ਕਿਹਾ, ਬਿਲਡਿੰਗਾਂ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉਚ ਗੁਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ
ਫਾਜ਼ਿਲਕਾ 29 ਅਗਸਤ : ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਵੱਲੋਂ ਅਬੋਹਰ ਸ਼ਹਿਰ ਵਿਖੇ ਉਸਰੀ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟ ਜਿਵੇਂ ਕਿ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਅਤੇ ਬੱਸ ਸਟੈਂਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤੇ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਵਿਕਾਸ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ। ਇਸ ਤੋਂ ਇਲਾਵਾ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਸਦਕਾ ਵਿਦਿਆਰਥੀਆਂ ਲਈ ਖੋਲ੍ਹੀ ਗਈ ਲਾਇਬ੍ਰੇਰੀ ਦਾ ਵੀ ਉਨ੍ਹਾਂ ਵੱਲੋਂ ਦੌਰਾ ਕੀਤਾ ਗਿਆ ਤਾਂ ਜੋ ਵਿਦਿਆਰਥੀਆ ਨੂੰ ਲਾਇਬ੍ਰੇਰੀ ਵਿਖੇ ਪ੍ਰਬੰਧਾਂ ਨੂੰ ਲੈ ਕੇ ਕੋਈ ਸਮੱਸਿਆ ਨਾ ਆਵੇ। ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਅਤੇ ਬੱਸ ਸਟੈਂਡ ਦੇ ਚੱਲ ਰਹੇ ਵਿਕਾਸ ਕਾਰਜ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿਚ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਲਡਿੰਗਾਂ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਗੁਣਵਤਾ ਵਾਲੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਮੇਂ ਕੋਈ ਵੀ ਅਣਗਹਿਲੀ ਨਜ਼ਰ ਆਉਂਦੀ ਹੈ ਤਾਂ ਸਬੰਧਤ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਅਬੋਹਰ ਸ਼ਹਿਰ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਲਗਾਤਾਰ ਨਗਰ ਨਿਗਮ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਨੂੰ ਜਿਥੇ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਵਿਕਾਸ ਪ੍ਰੋਜੈਕਟਾਂ ਨੂੰ ਅੰਤਿਮ ਰੂਪ ਵੀ ਦਿੱਤਾ ਜਾ ਰਿਹਾ ਹੈ।