- ਸਮੂਹ ਕਾਰਜਸਾਧਕ ਅਫਸਰਾਂ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਸੰਗਰੂਰ, 30 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਡੇਂਗੂ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਲਾਰਵੇ ਦੀ ਚੈਕਿੰਗ ਲਈ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਰਵਾ ਪਾਏ ਜਾਣ ’ਤੇ ਚਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ ਨਾਲ ਸਬੰਧਤ ਇਲਾਕਿਆਂ ਵਿੱਚ ਫੋਗਿੰਗ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ, ਦੁਕਾਨਾਂ ਸਮੇਤ ਹੋਰ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਾਫ਼ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਦੇ ਨਾਲ ਹੀ ਅਸੀਂ ਡੇਂਗੂ, ਮਲੇਰੀਆ ਤੇ ਹੋਰ ਮੌਸਮੀ ਬਿਮਾਰੀਆਂ ਦੀ ਰੋਕਥਾਮ ਵਿੱਚ ਕਾਮਯਾਬ ਹੋ ਸਕਦੇ ਹਾਂ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਲਾਰਵਾ ਚੈਕਿੰਗ ਦਾ ਅਭਿਆਨ ਅੱਜ ਵੀ ਜਾਰੀ ਰਿਹਾ ਅਤੇ ਕਾਰਜਸਾਧਕ ਅਫ਼ਸਰਾਂ ਦੀ ਨਿਗਰਾਨੀ ਹੇਠ ਟੀਮਾਂ ਨੇ ਵਾਰਡਾਂ ਵਿੱਚ ਲਾਰਵੇ ਦੀ ਜਾਂਚ ਕੀਤੀ ਅਤੇ ਲਾਰਵਾ ਪਾਏ ਜਾਣ ’ਤੇ ਐਮ.ਸੀ ਐਕਟ ਤਹਿਤ ਚਲਾਨ ਕੱਟੇ ਗਏ। ਇਸੇ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕਿਸੇ ਵੀ ਇਲਾਕੇ ਵਿੱਚ ਡੇਂਗੂ ਪਾਜ਼ੀਟਿਵ ਕੇਸ ਸਾਹਮਣੇ ਆਉਣ ’ਤੇ ਉਸ ਘਰ ਦੇ ਆਲੇ ਦੁਆਲੇ ਦੇ 50 ਤੋਂ 100 ਘਰਾਂ ਵਿੱਚ ਕੀਟਨਾਸ਼ਕ ਸਪਰੇਅ ਕਰਵਾਈ ਜਾ ਰਹੀ ਹੈ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।