- ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) 'ਚ ਸਵੀਪ ਸਮਾਗਮ ਦੀ ਕੀਤੀ ਪ੍ਰਧਾਨਗੀ
ਲੁਧਿਆਣਾ, 9 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਚੱਲ ਰਹੀ ਲੋਕ ਸਭਾ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਅੱਗੇ ਆਉਣ। ਸਵੀਪ ਮੁਹਿੰਮ ਤਹਿਤ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) ਵਿਖੇ ਕਰਵਾਏ ਗਏ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਨੌਜਵਾਨਾਂ ਦੀ ਵੱਡੀ ਆਬਾਦੀ ਹੈ ਅਤੇ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਦੇਸ਼ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ, ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਨਾ ਸਿਰਫ਼ ਆਪਣੀ ਵੋਟ ਪਾਉਣ ਸਗੋਂ ਹੋਰਨਾਂ ਨੋਜਵਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨਾ। ਉਨ੍ਹਾਂ ਹਰੇਕ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਨੌਜਵਾਨਾਂ ਨੂੰ ਇਹ ਵੀ ਦੱਸਿਆ ਕਿ ਉਹ ਅਜੇ ਵੀ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ ਜੇਕਰ ਉਨ੍ਹਾਂ ਨੇ ਵੋਟ ਪਾਉਣ ਲਈ ਪਹਿਲਾਂ ਤੋਂ ਰਜਿਸਟਰ ਨਹੀਂ ਕੀਤਾ ਹੈ। ਉਨ੍ਹਾਂ ਸਾਂਝਾ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਵੇਂ ਵੋਟਰਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਹੂਲਤ ਲਈ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ www.nvsp.in ਲਿੰਕ 'ਤੇ ਕਲਿੱਕ ਕਰਨ ਲਈ ਉਤਸ਼ਾਹਿਤ ਕੀਤਾ। ਇਸੇ ਤਰ੍ਹਾਂ, ਉਨ੍ਹਾਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਆਪਣੇ ਐਂਡਰਾਇਡ ਫੋਨ 'ਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਨੂੰ ਡਾਉਨਲੋਡ ਕਰਨ ਦੀ ਵੀ ਸਲਾਹ ਦਿੱਤੀ। ਇਸ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਨੇ ਵੀ ਵੋਟ ਦੇ ਅਧਿਕਾਰ ਬਾਰੇ ਗੱਲਬਾਤ ਕੀਤੀ ਅਤੇ ਨੌਜਵਾਨਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।