- ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਅਥਾਰਟੀ ਦੇ ਚੇਅਰਮੈਨ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਬਾਹਰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਾਲੇ ਬੈਨਰ ਲਗਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਚੁਣੋਤੀ ਵਾਂਗ ਸਮਾਜ ਦੇ ਸਾਹਮਣੇ ਆ ਰਹੀ ਹੈ ਜਿਸ ਦਾ ਖਾਤਮਾ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਜੋ ਕਿ ਇੱਕ ਮਹੀਨੇ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ, ਵਾਰਡਾਂ, ਸਕੂਲਾਂ ਤੇ ਕਾਲਜਾਂ ਵਿੱਚ ਕੈਂਪ ਲਗਾਕੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰੇਕ ਕਿਸਮ ਦੀ ਸਹਾਇਤਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕੋਰਟ ਕੰਪਲੈਕਸ ਦੇ ਅੰਦਰ ਤੇ ਬਾਹਰ ਮੁੱਖ ਇਮਾਰਤਾਂ ਤੇ ਵੀ ਨਸ਼ਿਆਂ ਵਿਰੋਧੀ ਬੈਨਰ ਲਗਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ।