ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਰਤੀ ਕਾਮਿਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ

  • ਸ਼ਹੀਦਗੜ੍ਹ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ
  • ਭਲਾਈ ਯੋਜਨਾਵਾਂ ਦਾ ਲਾਭ ਉਠਾਉਣ ਲਈ ਕਾਮਿਆਂ ਨੂੰ ਲਾਜ਼ਮੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 14 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ - ਕਮ- ਸੀ.ਜੇ.ਐਮ ਅਸ਼ੋਕ ਕੁਮਾਰ ਚੌਹਾਨ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕਿਰਤੀਆਂ ਅਤੇ ਮਿਹਨਤਕਸ਼ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਤੌਰ ਉੱਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਵੀਂ ਪਹਿਲਕਦਮੀ ਆਰੰਭ ਕੀਤੀ ਹੈ।  ਪਿੰਡ ਸ਼ਹੀਦਗੜ੍ਹ ਵਿਖੇ ਕਿਰਤੀ ਕਾਮਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਦਸਿਆ ਕਿ ਸਰਕਾਰ ਵੱਲੋਂ ਮਜ਼ਦੂਰਾਂ ਤੇ ਕਿਰਤੀ ਵਰਗ ਦੇ ਵਿਆਪਕ ਹਿੱਤਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਮਜ਼ਦੂਰ ਵਰਗ ਨੂੰ ਇਹਨਾਂ ਸਕੀਮਾਂ ਦਾ ਲਾਭ ਉਠਾਉਣ ਲਈ ਯਤਨਸ਼ੀਲ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੇ ਕਿਰਤੀ ਕਾਮਿਆਂ ਨੂੰ ਆਪਣੀ ਰਜਿਸਟਰੇਸ਼ਨ ਜ਼ਰੂਰੀ ਕਰਵਾਉਣੀ ਚਾਹੀਦੀ ਹੈ ਤਾਂ ਕਿ ਸਮੇਂ ਸਿਰ ਯੋਜਨਾਵਾਂ ਦਾ ਲਾਭ ਲੈਣ ਦੇ ਸਮਰੱਥ ਬਣ ਸਕਣ। ਸ਼੍ਰੀ ਚੌਹਾਨ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਉਸਾਰੀ ਕਿਰਤੀਆਂ, ਆਸ਼ਰਿਤਾਂ ਤੇ ਪਰਿਵਾਰਕ ਮੈਂਬਰਾਂ ਨੂੰ ਰਜਿਸਟਰੇਸ਼ਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕੋਈ ਵੀ ਕਿਰਤੀ ਕਾਮਾ ਇਨ੍ਹਾਂ ਸਹੂਲਤਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਦੱਸਿਆ ਕਿ ਸਿਹਤ ਬੀਮਾ ਯੋਜਨਾ, ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਸਕੀਮਾਂ, ਵੱਖ ਵੱਖ ਮਾਰੂ ਰੋਗਾਂ ਦੇ ਇਲਾਜ ਲਈ ਵਿੱਤੀ ਸਹਾਇਤਾ, ਐਕਸ ਗ੍ਰੇਸ਼ੀਆ ਗ੍ਰਾਂਟ, ਵਜੀਫਾ, ਕੰਮਕਾਰ ਦੌਰਾਨ ਵਾਪਰਨ ਵਾਲੇ ਹਾਦਸਿਆਂ ਦੌਰਾਨ ਜ਼ਖਮੀ ਹੋਣ ਜਾਂ ਮੌਤ ਹੋ ਜਾਣ ਦੀ ਸੂਰਤ ਵਿੱਚ ਆਸ਼ਰਤਾਂ ਨੂੰ ਮਿਲਣ ਵਾਲੀ ਵਿੱਤੀ ਮਦਦ, ਸ਼ਗਨ ਸਕੀਮ ਸਮੇਤ ਅਜਿਹੀਆਂ ਅਨੇਕਾਂ ਯੋਜਨਾਵਾਂ ਹਨ ਜਿਸ ਤਹਿਤ ਕਿਰਤੀ ਕਾਮਿਆਂ ਨੂੰ ਆਪਣਾ ਜੀਵਨ ਸੁਧਾਰ ਲਈ ਵਿੱਤੀ ਮਦਦ ਸਰਕਾਰ ਦੁਆਰਾ ਪ੍ਰਦਾਨ ਕੀਤੀ ਜਾ ਰਹੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਜੇਕਰ ਕੋਈ ਕਿਰਤੀ ਕਾਮਾ, ਕਿਸੇ ਕਾਨੂੰਨੀ ਕੇਸ ਸਬੰਧੀ ਮੁਫਤ ਸਲਾਹ ਲੈਣੀ ਚਾਹੁੰਦਾ ਹੈ ਤਾਂ ਅਥਾਰਟੀ ਵੱਲੋਂ ਇਸ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਕਿਉਂਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਤਾਂ ਹੀ ਕਿਰਤੀ ਮਜ਼ਦੂਰਾਂ ਨੂੰ ਹਾਸਲ ਹੋ ਸਕਦਾ ਹੈ ਜੇਕਰ ਉਹ ਸਕੀਮਾਂ ਦੇ ਲਾਭਾਂ ਬਾਰੇ ਸੋਝੀ ਰੱਖਦੇ ਹੋਣਗੇ। ਇਸ ਜਾਗਰੂਕਤਾ ਸੈਮੀਨਾਰ ਵਿੱਚ ਚੀਫ ਡਿਫੈਂਸ ਕੌਂਸਲ ਗੁਰਸ਼ਰਨਜੀਤ ਸਿੰਘ ਨਾਗਰਾ, ਡਿਫੈਂਸ ਕੌਂਸਲ ਸਰਤਾਜ ਸਿੰਘ ਸੋਢੀ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਦਾ ਆਯੋਜਨ ਜਸਪ੍ਰੀਤ ਸਿੰਘ ਤੇ ਤੇਜੀ ਭੰਗੂ ਟਿੰਬਰਪੁਰ ਦੇ ਸਹਿਯੋਗ ਨਾਲ ਕੀਤਾ ਗਿਆ।