- ਐਸ.ਡੀ.ਐਮ. ਚਾਰੂ ਮਿਤਾ ਅਤੇ ਸੰਤ ਬਾਬਾ ਗੁਰਮੀਤ ਸਿੰਘ ਨੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਮੋਗਾ, 27 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਸੀਜ਼ਨ-2 ਇੱਕ ਅਹਿਮ ਕਦਮ ਸਾਬਿਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸ੍ਰੀਮਤੀ ਚਾਰੂ ਮਿਤਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਦੇ ਗਰਾਊਂਡ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਗੁਰਮੀਤ ਸਿੰਘ ਜੀ ਖੋਸਿਆਂ ਵਾਲੇ ਵੀ ਹਾਜ਼ਰ ਸਨ। ਸ੍ਰੀਮਤੀ ਚਾਰੂ ਮਿਤਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ ਅਤੇ ਇਸ ਖੇਤਰ ਵਿੱਚ ਚੰਗੇਰਾ ਭਵਿੱਖ ਬਣਾਉਣ ਲਈ ਲਗਾਤਾਰ ਮਿਹਨਤ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਲਾਕ ਪੱਧਰੀ ਖੇਡਾਂ ਵਾਂਗ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਵੀ ਖਿਡਾਰੀਆਂ ਦੀ ਸਹੂਲੀਅਤ ਵਾਸਤੇ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਦੇ ਸਖਤ ਆਦੇਸ਼ਾਂ ਤਹਿਤ ਖਿਡਾਰੀਆਂ ਦੀ ਰਿਫਰੈਸ਼ਮੈਂਟ ਦਾ ਵੀ ਪੂਰਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਸੰਤ ਬਾਬਾ ਗੁਰਮੀਤ ਸਿੰਘ ਜੀ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਨਾਲ ਮਨੁੱਖੀ ਸ਼ਰੀਰ ਗੰਭੀਰ ਬਿਮਾਰੀਆਂ ਤੋਂ ਤਾਂ ਬਚਿਆ ਰਹਿੰਦਾ ਹੀ ਹੈ ਨਾਲ ਹੀ ਖੇਡਾਂ ਨਾਲ ਨਸ਼ਿਆਂ ਦੀ ਭੈੜੀ ਲਤ ਵੀ ਵਿਦਿਆਰਥੀਆਂ ਨੂੰ ਨਹੀਂ ਲੱਗ ਸਕਦੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦਾ ਰਾਜ ਹਨ। ਜ਼ਿਲ੍ਹਾ ਖੇਡ ਅਫ਼ਸਰ ਮੋਗਾ ਸ੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਫੁੱਟਬਾਲ, ਐਥਲੈਟਿਕਸ, ਵੇਟ ਲਿਫਟਿੰਗ, ਪਾਵਰ ਲਿਫਟਿੰਗ, ਸਾਫਟਬਾਲ ਖੇਡਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਮੋਗਾ ਜ਼ਿਲ੍ਹੇ ਦੇ 5 ਬਲਾਕਾਂ ਦੇ ਖਿਡਾਰੀਆਂ ਨੇ ਭਾਗ ਲਿਆ।