- ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਲਈ ਵਰਤੀਆਂ ਜਾਦੀਆਂ ਮਸ਼ੀਨਾਂ ਦੀ ਲਗਾਈ ਜਾਵੇਗੀ ਪ੍ਰਦਰਸ਼ਨੀ
ਫਾਜ਼ਿਲਕਾ, 26 ਸਤੰਬਰ : ਮੁੱਖ ਖੇਤੀਬਾੜੀ ਅਫਸਰ—ਕਮ—ਪ੍ਰੋਜੈਕਟਰ ਡਾਇਰੈਕਟਰ, ਆਤਮਾ ਡਾ. ਗੁਰਮੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ 28 ਸਤੰਬਰ 2023 ਦਿਨ ਵੀਰਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪ ਦੌਰਾਨ ਵੱਖ—ਵੱਖ ਤਕਨੀਕੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਤਾਂ ਜ਼ੋ ਕਿਸਾਨ ਵੀਰ ਆਪਣੀ ਫਸਲ ਨੂੁੰ ਬਿਮਾਰੀਆਂ ਤੋਂ ਬਚਾ ਸਕਣ ਅਤੇ ਫਸਲ ਦਾ ਵਧੀਆ ਝਾੜ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ *ਤੇ ਕਿਹੜੇ ਬੀਜਾਂ, ਕੀਟਨਾਸ਼ਕਾਂ ਤੇ ਸਪਰੇਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਕਿੰਨੇ ਸਮੇਂ ਦੇ ਅੰਤਰਾਲ ਵਿਚ ਤੇ ਕਿੰਨੀ ਮਾਤਰਾ ਵਿਚ ਆਦਿ ਬਾਰੇ ਜਾਣੂੰ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਲਈ ਵਰਤੀਆਂ ਜਾਦੀਆਂ ਮਸ਼ੀਨਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਸਿਖਲਾਈ ਕੈਂਪ 28 ਸਤੰਬਰ ਨੂੰ ਸ਼ਾਹ ਪੈਲੇਸ ਫਾਜਿਲਕਾ ਵਿਖੇ ਲਗਾਇਆ ਜਾਵੇਗਾ। ਕੈਂਪ ਦੋਰਾਨ ਸਵੇਰੇ 9 ਵਜੇ ਤੋਂ 10:30 ਵਜੇ ਤੱਕ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਉਪਰੰਤ ਕੈਂਪ ਦਾ ਉਦਘਾਟਨ ਕੀਤਾ ਜਾਵੇਗਾ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਅਤੇ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਸ਼ਿਰਕਤ ਕਰਨਗੇ। ਇਸ ਸਮਾਗਮ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵਿੰਦਰਪਾਲ ਸਿੰਘ ਗਰੇਵਾਲ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਿਖਲਾਈ ਕੈਂਪ ਦੌਰਾਨ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਮਾਹਰਾਂ ਵੱਲੋਂ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਹਾਸਲ ਕੀਤੀ ਜਾਵੇ।ਕੈਂਪ ਦੌਰਾਨ ਕਿਸਾਨ ਭਰਾਵਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ।