ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀਆਂ 06 ਅਕਤੂਬਰ ਨੂੰ ਕਿਸਾਨ ਮੇਲੇ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ

ਫ਼ਤਹਿਗੜ੍ਹ ਸਾਹਿਬ, 28 ਸਤੰਬਰ : ਸ਼੍ਰੀ ਰੰਗੀਲ ਸਿੰਘ, ਮੁੱਖ ਖੇਤੀਬਾੜੀ ਅਫਸਰ  ਨੇ ਦੱਸਿਆ ਕਿ ਹਲਕਾ ਵਿਧਾਇਕ ਫਤਹਿਗੜ੍ਹ ਸਾਹਿਬ ਸ਼੍ਰੀ ਲਖਵੀਰ ਸਿੰਘ ਰਾਏ ਦੇ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀਆਂ ਦਾ ਆਯੋਜਨ ਮਿਤੀ 06-10-2023 ਨੂੰ ਸਵੇਰੇ 10:00 ਵਜੇ ਖੇਡ ਸਟੇਡੀਅਮ, ਹੰਸਾਲੀ  ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦੀ ਪ੍ਰਗਟਾਵਾ ਉਨ੍ਹਾਂ ਨੇ ਖੇਡ ਸਟੇਡੀਅਮ ਹੰਸਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ, ਮੁੱਖ ਮਹਿਮਾਨ ਹੋਣਗੇ। ਸਮੂਹ ਹਲਕਾ ਵਿਧਾਇਕ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨਗੇ। ਇਸ ਕਿਸਾਨ ਮੇਲੇ ਵਿੱਚ ਖੇਤੀ ਮਸ਼ੀਨਰੀ, ਸੈਲਫ ਹੈਲਪ ਗਰੁੱਪ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਸ਼੍ਰੀ ਅਮਰਿੰਦਰ ਸਿੰਘ ਮੰਡੋਫਲ, ਜਰਨਲ ਸਕੱਤਰ, ਆਪ, ਪੰਜਾਬ, ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕਿਸਾਨ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਸਕੀਮਾਂ ਦਾ ਲਾਭ ਲਿਆ ਜਾ ਸਕੇ। ਇਸ ਮੌਕੇ ਸ਼੍ਰੀ ਹਰਮਨਜੀਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ, ਸ਼੍ਰੀ ਦਮਨ ਝਾਂਜੀ, ਖੇਤੀਬਾੜੀ ਵਿਕਾਸ ਅਫਸਰ ਅਤੇ ਸ਼੍ਰੀ ਜਤਿੰਦਰ ਸਿੰਘ ਡੀ.ਪੀ.ਡੀ ਮੌਜੂਦ ਸਨ।