
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ 5 ਮਾਰਚ ਤੋਂ ਚੱਲ ਰਿਹਾ ਧਰਨਾ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਦੇ ਦਫ਼ਤਰ ਵਿਖੇ 6ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਰੇਗਾ ਸਕੀਮ ਕੰਮ ਦੇ ਆਧਾਰ ਤੇ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਸਕੀਮ ਨੂੰ ਟਾਰਗੇਟ ਬੇਸ ਬਣਾ ਕੇ ਨਰੇਗਾ ਮੁਲਾਜ਼ਮਾਂ ਦਾ ਕਚੂੰਬਰ ਕੱਢ ਦਿੱਤਾ ਹੈ। ਅੱਜ 16 ਸਾਲਾਂ ਬਾਅਦ ਵੀ ਜੇਕਰ ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਤਾਂ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। । ਮੌਜੂਦਾ ਪੰਚਾਇਤ ਮੰਤਰੀ ਅਤੇ ਵਿਭਾਗ ਦੀ ਅਫ਼ਸਰਸ਼ਾਹੀ ਨੂੰ ਵੀ ਵਾਰ-ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਮਿਲ਼ ਕੇ ਵੀ ਮੰਗ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ ਪ੍ਰੰਤੂ ਅਜੇ ਤੱਕ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਮਜ਼ਦੂਰਾਂ ਵੱਲੋਂ ਕੰਮ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਸਰਵੇ ਅਤੇ ਚੱਲ ਰਹੀਆਂ ਉਸਾਰੀਆਂ ਰੁਕੀਆ ਪਈਆਂ ਹਨ। ਫਿਰ ਵੀ ਸਰਕਾਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਜੇਕਰ ਤੁਸੀਂ ਠੇਕੇਦਾਰੀ ਸਿਸਟਮ ਬੰਦ ਕਰਨ ਲਈ ਸਚਮੁੱਚ ਹੀ ਵਚਨਬੱਧ ਹੋ ਤਾਂ ਆਪਣਾ ਦਖ਼ਲ ਦੇ ਕੇ ਨਰੇਗਾ ਮੁਲਾਜ਼ਮ ਪੱਕੇ ਕਰਵਾਏ ਜਾਣ। ਇਸ ਸਮੇਂ ਮੀਟਿੰਗ ਕਰਕੇ 12 ਮਾਰਚ ਦੇ ਜ਼ਿਲ੍ਹਾ ਪੱਧਰੀ ਰੋਸ਼ ਮਾਰਚ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਅਤੇ ਮੇਟਾਂ ਵੱਲੋਂ ਇਸ ਧਰਨੇ ਵਿੱਚ ਵਧ ਚੜ੍ਹ ਕੇ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ।