- ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ
ਬਰਨਾਲਾ, 21 ਜੂਨ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਂਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨ੍ਹਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਸੇ ਤਰ੍ਹਾਂ ਹੀ ਜਾਰੀ ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਹਾ ਗਿਆ ਹੈ ਕਿ ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂਧਨ ਦੀ ਪ੍ਰੋਡਕਟੀਵਿਟੀ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾ, ਬਲਕਿ ਆਉਣ ਵਾਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ, ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ਼ ਤੇ ਉਤਮ ਨਸਲ ਦੇ ਬੁੱਲਜ਼ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾਂ ਅਣ-ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ। ਉਪਰੋਕਤ ਤੱਥਾਂ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ। ਇਸ ਦੌਰਾਨ ਜਾਰੀ ਇਕ ਹੋਰ ਹੁਕਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਾਈ ਹੈ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ 'ਤੇ ਵੀ ਪਾਬੰਦੀ ਹੋਵੇਗੀ। ਉਪਰੋਕਤ ਹੁਕਮ 28 ਜੁਲਾਈ 2023 ਤੱਕ ਲਾਗੂ ਰਹਿਣਗੇ।