ਡਵੀਜਨਲ ਕਮਿਸ਼ਨਰ ਅਤੇ ਡੀ.ਸੀ ਨੇ ਨਸ਼ਾ ਛੁਡਾਊ ਕੇਂਦਰ/ਓਟ ਕਲੀਨਿਕ ਦਾ ਕੀਤਾ ਨਿਰੀਖਣ

  • ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ/ਕਾਊਂਸਲਿੰਗ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ-ਕਮਿਸ਼ਨਰ
  • ਜਿਲੇ ਵਿੱਚ ਸਫਤਲਾਪੂਰਵਕ ਚੱਲ ਰਹੇ ਹਨ 14 ਓਟ ਸੈਂਟਰ -ਡੀ.ਸੀ

ਫਰੀਦਕੋਟ 4 ਮਾਰਚ 2025 : ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਜਿੱਥੇ ਰਾਜ ਵਿੱਚ ਨਸ਼ਿਆਂ ਦੇ ਵਰਤਾਰੇ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਇਸ ਦਲਦਲ ਵਿਚੋਂ ਕੱਢਣ, ਉਨ੍ਹਾਂ ਦਾ ਸਫ਼ਲ ਇਲਾਜ਼ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵੱਡੇ ਉਪਰਾਲੇ ਆਰੰਭੇ ਗਏ ਹਨ। ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ, ਕਾਉਂਸਲਿੰਗ ਅਤੇ ਮੁੜ ਵਸੇਬੇ ਆਦਿ ਬਾਰੇ ਜਾਣਕਾਰੀ ਲੈਣ ਲਈ ਅੱਜ ਕਮਿਸ਼ਨਰ ਫ਼ਰੀਦਕੋਟ ਡਵੀਜਨ ਸ. ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਬਣੇ ਨਸ਼ਾ ਛੁਡਾਊ ਕੇਂਦਰ/ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਸ ਕਿਸਮ ਦੇ ਮਰੀਜਾਂ ਦੇ ਇਲਾਜ, ਦਵਾਈ ਕੌਂਸਲਿੰਗ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਕਮਿਸ਼ਨਰ ਫਰੀਦਕੋਟ ਡਵੀਜਨ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ ਅਤੇ ਪੁਨਰਵਾਸ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਤੇ ਇਸ ਮੁਹਿੰਮ ਦੀ ਸਫਲਤਾ ਲਈ ਸਮਾਜ ਦੇ  ਸਾਰੇ ਵਰਗਾਂ ਦਾ ਸਹਿਯੋਗ ਜਰੂਰੀ ਹੈ ਤਾਂ ਜੋ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਸਫਲ ਇਲਾਜ ਕਰਕੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਹਰ ਤਰ੍ਹਾਂ ਦੇ ਖਾਤਮੇ ਲਈ ਦ੍ਰਿੜ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਦੇ ਇਲਾਜ ਲਈ ਹੋਰ ਵੱਧ ਤੋਂ ਵੱਧ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਕੈਮਿਸਟਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦਾ ਵੀ ਸਹਿਯੋਗ ਲਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਉਹ ਦੂਸਰੀ ਵਾਰ ਕਮਿਸ਼ਨਰ ਫਰੀਦਕੋਟ ਡਵੀਜਨ ਸ. ਮਨਜੀਤ ਸਿੰਘ ਬਰਾੜ ਨਾਲ ਸਿਵਲ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੇ ਹਰ ਰੋਜ 300 ਦੇ ਕਰੀਬ ਮਰੀਜਾਂ ਦੀ ਓ.ਪੀ.ਟੀ. ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਦਵਾਈ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਨਸ਼ਾ ਰੋਗੀਆਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ ਅਤੇ ਨਸ਼ਾ ਮੁਕਤੀ ਕੇਂਦਰਾਂ/ਓਟ ਕਲੀਨਿਕਾਂ ਵਿਖੇ ਪਹੁੰਚ ਕਰਨ ਤੇ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾਉਣ। ਉਨ੍ਹਾਂ ਦੱਸਿਆ ਕਿ ਸੈਂਟਰਾਂ ਵਿਖੇ ਨਸ਼ੇ ਤੋਂ ਪੀੜਤਾਂ ਲਈ ਇਲਾਜ ਬਿਲਕੁਲ ਮੁਫਤ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਕੀਤਾ ਜਾਂਦਾ ਹੈ ਅਤੇ ਆਪਣਾ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਰੋਜਾਨਾ ਲਗਭਗ 1200 ਨਸ਼ਾ ਮਰੀਜਾਂ ਦੀ ਜਾਂਚ ਕੀਤੀ ਜਾਂਦੀ ਹੈ ।  ਉਨ੍ਹਾਂ ਦੱਸਿਆ ਕਿ ਜਿਲੇ ਦੇ 14 ਓਟ ਸੈਂਟਰਾਂ ਅਤੇ 2 ਨਸ਼ਾ ਛੁਡਾਊ ਕੇਂਦਰਾਂ ਵਿੱਚ ਲਗਭਗ 12626 ਨਸ਼ਾ ਕਰਨ ਵਾਲੇ ਮਰੀਜ ਰਜਿਸਟਰਡ ਹਨ । ਜਿਸ ਦਾ ਮਾਹਿਰ ਡਾਕਟਰਾਂ ਵੱਲੋਂ ਬਿਲਕੁਲ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਮੈਡਮ ਤੁਸ਼ਿਤਾ ਗੁਲਾਟੀ, ਐਸ.ਐਮ.ਓ ਡਾ. ਪਰਮਜੀਤ ਸਿੰਘ ਬਰਾੜ, ਡਾ. ਸਰਬਦੀਪ ਸਿੰਘ ਰੋਮਾਨਾ, ਸੁਨੀਲ ਕੁਮਾਰ, ਕੁਲਦੀਪ ਸਿੰਘ ਫਾਰਮਸਿਸਟ, ਸੰਤੋਸ਼ ਕੁਮਾਰ ਸਮੇਤ ਓਟ ਸੈਂਟਰ, ਹਸਪਤਾਲ ਦਾ ਸਟਾਫ ਹਾਜ਼ਰ  ਸੀ।