- ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਕੀਤਾ ਜਾਵੇ ਨਿਪਟਾਰਾ
- ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਫਾਜ਼ਿਲਕਾ 28 ਸਤੰਬਰ : ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਅਤੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਬਾਰੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਾਜਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਸਿਰਕਤ ਕੀਤੀ। ਕੈੱਪ ਦੀ ਪ੍ਰਧਾਨਗੀ ਸਯੁੰਕਤ ਡਾਇਰੈਕਟਰ (ਇਨਪੁਟਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵਿੰਦਰਪਾਲ ਸਿੰਘ ਗਰੇਵਾਲ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਖੇਤੀ ਮਾਹਿਰਾਂ ਵੱਲੋੰ ਹਾੜੀ ਦੀਆਂ ਫਸਲਾਂ ਸਬੰਧੀ ਜੋ ਤਕਨੀਕੀ ਗਿਆਨ ਤੁਸੀਂ ਅੱਜ ਹਾਸਲ ਕੀਤਾ ਹੈ ਇਸ ਨੂੰ ਆਪਣੇ ਖੇਤਾਂ ਵਿੱਚ ਅਪਣਾ ਕੇ ਭਰਪੂਰ ਲਾਭ ਉਠਾਇਆ ਜਾਵੇ। ਵਿਧਾਇਕ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਜਮੀਨ ਵਿੱਚ ਹੀ ਮਿਲਾਇਆ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਰੱਖਣ ਵਿੱਚ ਆਪੋ-ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਵਾਤਾਵਰਣ ਦੇ ਸਕੀਏ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ। ਕਿਸਾਨਾਂ ਨੂੰ ਇਹਨਾਂ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਦੀ ਵੱਧ ਤੋੰ ਵੱਧ ਸੰਭਾਲ ਕਰਨੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਪੰਜਾਬ ਦੇ ਕਿਸਾਨ ਬੜੇ ਅਗਾਂਹਵਧੂ ਹਨ ਅਤੇ ਨਵੀਆਂ ਤਕਨੀਕਾਂ ਨੂੰ ਅਪਨਾਉਣ ਵਿੱਚ ਵਧੇਰੇ ਰੁਚੀ ਰੱਖਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਜੋ ਵੀ ਸਮਾਜ ਦੀ ਕਲਪਨਾ ਕੀਤੀ ਸੀ ਆਓ ਰਲ ਮਿਲ ਕੇ ਉਸ ਨੁੰ ਪੂਰਾ ਕਰੀਏ ਅਤੇ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਕਾਮਨਾਵਾਂ ਕਰੀਏ। ਸਯੁੰਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਫਸਲਾਂ ਦੀ ਗੁਣਵਤਾ ਅਤੇ ਵਾਤਾਵਰਣ ਦੀ ਸੰਭਾਲ ਸਮੇਂ ਦੀ ਅਹਿਮ ਲੋੜ ਹੈ। ਉਹਨਾਂ ਫਸਲਾਂ ਦੀ ਮਿਆਰੀ ਪੈਦਾਵਾਰ ਕਰਨ ਤੇ ਜ਼ੋਰ ਦਿੱਤਾ ਤਾਂ ਜੋ ਲੋੜ ਤੋਂ ਵੱਧ ਜਹਿਰਾਂ ਦੀ ਵਰਤੋਂ ਤੋਂ ਹੁੰਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਵਿਭਾਗ ਵਲੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਗਿਆਨ ਤੇ ਸਹੂਲਤਾਂ ਦੀ ਵੀ ਜਾਣਕਾਰੀ ਸਾਂਝੀ ਕੀਤੀ। ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਨੇ ਕਿਸਾਨਾਂ ਨੂੰ ਜੀ ਆਇਆਂ ਕਹਿੰਦਿਆਂ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁੱਥਰਾ ਤੇ ਸੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੁਣ। ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਇਸ ਤੋਂ ਪਹਿਲਾ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਪੰਜਾਬ ਖੇਤੀਬਾੜੀ ਯੂਨਵਰਸਿਟੀ ਦੇ ਮਾਹਰ ਡਾ. ਜਗਦੀਸ ਅਰੋੜਾ, ਖੇਤੀਬਾੜੀ ਇੰਜੀ. ਆਨੰਦ ਗੌਤਮ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਮਨੀਸ ਕੁਮਾਰ ਨੇ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਨਾਲ ਖੇਤੀ ਕਰਨ, ਫਸਲਾਂ ਤੇ ਬਾਗਾਂ ਉੱਤੇ ਹੋਣ ਵਾਲੇ ਕੀੜਿਆਂ ਦੇ ਹਮਲਿਆਂ ਦੀ ਰੋਕਥਾਮ ਅਤੇ ਨਵੀਨਤਮ ਬੀਜ਼ਾਂ ਆਦਿ ਬਾਰੇ ਜਾਣਕਾਰੀ ਦਿੱਤੀ। ਵੈਟਨਰੀ ਅਫਸਰ ਡਾ. ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਚੰਗੀ ਨਸਲ ਦੇ ਪਸ਼ੂਆਂ ਅਤੇ ਪਸ਼ੂਆਂ ਦੀ ਖੁਰਾਕ ਬਾਰੇ ਜਾਣਕਾਰੀ ਦਿੱਤੀ। ਸਟੇਜ ਸੰਚਾਲਨ ਦੀ ਭੂਮਿਕਾ ਏ.ਡੀ.ਓ ਰਾਜਿੰਦਰ ਵਰਮਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ‘ਤੇ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਅਤੇ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਵੱਲ ਕਿਸਾਨਾਂ ਦਾ ਵਿਸ਼ੇਸ਼ ਧਿਆਨ ਰਿਹਾ। ਇਸ ਮੌਕੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਖੇਤੀ ਸਾਹਿਤ ਵੀ ਮੁਫਤ ਵੰਡਿਆ ਗਿਆ।