ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸੰਵਿਧਾਨ ਦੀ ਰਚਨਾ ਕਰਕੇ ਹਰੇਕ ਵਰਗ ਨੂੰ ਬਰਾਬਰਤਾ ਦੇ ਹੱਕ ਦਿੱਤੇ- ਡਿਪਟੀ ਕਮਿਸ਼ਨਰ

  • 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ
  • ਮੌਕੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ
  • ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ
  • ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ
  • ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ
  • ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਝਾਕੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 27 ਜਨਵਰੀ 2027 : ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਨੇ ਆਜ਼ਾਦ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਅਜਿਹਾ ਮਹਾਨ ਸੰਵਿਧਾਨ ਸਿਰਜਿਆ ਜਿਸ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਸਨ। ਆਜ਼ਾਦ ਭਾਰਤ ਦਾ ਸੰਵਿਧਾਨ ਦੁਨੀਆਂ ਭਰ ਨੂੰ ਅਨੇਕਤਾ ਵਿੱਚ ਏਕਤਾ ਦਾ ਸੁਨੇਹਾ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪੰਰਤ ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ ਜਿਸ ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾ ਰਹੀ ਹੈ ਅਤੇ ਸਰਕਾਰ ਵੱਲੋਂ ਬਿਜਲੀ, ਖੇਤੀਬਾੜੀ, ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਕਰਨ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਨੂੰ ਇਲਾਜ ਲਈ 1.50 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਸਦਕਾ 90 ਫੀਸਦੀ ਘਰਾਂ ਦੇ ਬਿਜਲੀ ਬਿਲ ਜੀਰੋ ਆਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੜ੍ਹਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ  ਕੀਤਾ ਗਿਆ ਹੈ ਜਿਸ ਨਾਲ ਸੜਕ ਦੁਰਘਟਨਾਵਾਂ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਤੁਰੰਤ ਹਸਪਤਾਲਾਂ ਅੰਦਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਹੈਲਪ ਲਾਇਨ 1076 ਜਾਰੀ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਰੁਕੀ ਹੈ। ਡਾ: ਸੋਨਾ ਥਿੰਦ ਨੇ ਦੱਸਿਆ ਕਿ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਇਲਾਜ ਕਰਵਾਇਆ ਹੈ। ਇਸ ਤੋਂ ਇਲਾਵਾ 115.80 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਸੈਂਟਰਾਂ ਦੀ ਉਸਾਰੀ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਵੱਛਤਾ ਦੇ ਮੱਦੇ-ਨਜ਼ਰ ਸੋਲਿਡ ਵੇਸਟ ਦੇ 244 ਅਤੇ ਲਿਕੁਅਡ ਵੇਸਟ ਮੈਨੇਜਮੈਂਟ ਦੇ 211 ਪ੍ਰੋਜੈਕਟ ਬਣਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ 75 ਸਾਂਝਾ ਜਲ ਤਲਾਬ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਅਧੀਨ ਪਿੰਡਾਂ ਦੇ 398 ਛੱਪੜਾਂ ਦੀ ਸਾਫ ਸਫਾਈ ਕਰਵਾਈ ਗਏ ਅਤੇ ਥਾਪਰ ਤਕਨੀਕ ਨਾਲ 35 ਛੱਪੜਾਂ ਦਾ ਨਵੀਨੀਕਰਨ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਵਿੱਚ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 18 ਅਤਿ ਆਧੁਨਿਕ ਲਾਇਬਰੇਰੀਆਂ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੀ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਪਰੇਡ ਦਾ ਨਰੀਖਣ ਕੀਤਾ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਇਸ ਮੌਕੇ ਡਿਪਟੀ ਕਮਿਸ਼ਨਰ ਤੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹ ਚੇਅਰ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮਹਿਮਾਨ ਜੀ ਦਾ ਅਤੇ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਪਹਿਲੇ ਸਥਾਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ,ਦੂਜੇ ਸਥਾਨ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਤੀਜੇ ਸਥਾਨ ਤੇ ਰਹੀ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਦੀ ਝਾਕੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਪੁਲਿਸ , ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਪਰੇਡ ਤੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਤੇ ਪੰਜਾਬ ਦਾ ਲੋਕ ਨਾਚ ਭੰਗੜਾ ਤੇ ਗਿੱਧਾ ਵੀ ਪੇਸ਼ ਕੀਤਾ ਗਿਆ।