ਖੇਡਾਂ ਰਾਹੀਂ ਹੋ ਸਕਦੀ ਹੈ ਨਸ਼ਾ ਰਹਿਤ ਸਮਾਜ ਦੀ ਸਿਰਜਣਾ- ਗੁਰਮੀਤ ਖੁੱਡੀਆ

  • ਸੰਤ ਬਾਬਾ ਖਜਾਨ ਸਿੰਘ ਜੀ ਯਾਦ ਵਿਚ 33ਵੇਂ ਸਲਾਨਾ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
  • ਆਪਣੇ ਅਖਤਿਆਰੀ ਕੋਟੇ ਵਿੱਚੋਂ 50 ਹਜ਼ਾਰ ਰੁਪਏ ਕਲੱਬ ਨੂੰ ਦੇਣ ਦਾ ਕੀਤਾ ਐਲਾਨ
  • ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹੋਏ ਵਿਸ਼ੇਸ਼ ਤੌਰ ਤੇ ਹਾਜ਼ਰ

ਫਰੀਦਕੋਟ 6 ਸਤੰਬਰ : ਖੇਤੀਬਾੜੀ, ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਉਚੇਚੇ ਤੌਰ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਮਚਾਕੀ ਖੁਰਦ ਵਿਖੇ ਸੰਤ ਬਾਬਾ ਖਜਾਨ ਸਿੰਘ ਜੀ ਯਾਦ ਵਿਚ 33ਵੇਂ ਸਲਾਨਾ ਕਬੱਡੀ ਕੱਪ ਦੇ 5ਵੇਂ ਦਿਨ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕਰਨ ਲਈ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸ. ਖੁੱਡੀਆਂ ਨੇ ਕਿਹਾ ਕਿ ਖੇਡਾਂ ਰਾਹੀਂ ਹੀ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੋਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਤੇ ਸਭ ਤੋਂ ਜ਼ਿਆਦਾ ਜੋਰ ਦੇ ਰਹੀ ਹੈ ਕਿ ਵੱਧ ਤੋਂ ਵੱਧ ਨੋਜਵਾਨਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਲਿਆਂਦਾ ਜਾਵੇ। ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਜ਼ਮੀਨੀ ਪੱਧਰ ਤੇ ਨੋਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਦੇ ਲਈ ਸਮੇਂ ਸਮੇਂ ਸਿਰ ਜਿੱਥੇ ਐਨ.ਆਰ.ਆਈਜ਼ ਵੱਲੋਂ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਇਨਸਾਨ ਨੂੰ ਸਰੀਰਕ ਤੌਰ ਤੇ ਮਜ਼ਬੂਤ ਕਰਦੀਆਂ ਹਨ, ਉੱਥੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਵੀ ਬਚਾ ਕੇ ਰੱਖਦੀ ਹੈ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ 50 ਹਜ਼ਾਰ ਰੁਪਏ ਕਲੱਬ ਨੂੰ ਦੇਣ ਦਾ ਐਲਾਨ ਵੀ ਕੀਤਾ। ਮੰਤਰੀ ਖੁੱਡੀਆਂ ਨੇ ਛੋਟੇ-ਛੋਟੇ ਬੱਚਿਆਂ ਨੂੰ ਕਬੱਡੀ ਖੇਡਦਿਆਂ ਵੇਖ ਕੇ ਅਤਿਅੰਤ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੱਚਿਆਂ ਨੂੰ ਆਸ਼ੀਰਵਾਦ ਵੀ ਦਿੱਤਾ। ਇਨ੍ਹਾਂ ਛੋਟੇ ਬੱਚਿਆਂ ਦੀ ਹੋਸਲਾ ਅਫਜ਼ਾਈ ਲਈ ਉਨ੍ਹਾਂ 50 ਹਜ਼ਾਰ ਵਿੱਚੋਂ 10 ਹਜ਼ਾਰ ਰੁਪਈਆਂ ਇਨ੍ਹਾਂ ਬੱਚਿਆਂ ਨੂੰ ਦੇਣ ਦਾ ਐਲਾਨ ਕੀਤਾ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਦੇ ਵਿੱਚ ਵਿਸ਼ੇਸ਼ ਮਹੱਤਵ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਲੈਣੀ ਚਾਹੀਦੀ ਹੈ ਅਤੇ ਇਹ ਖੇਡ ਜ਼ਰੂਰ ਅਪਣਾਉਣੀ ਚਾਹੀਦੀ ਹੈ।