ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਅਨਮੋਲ ਗਗਨ ਮਾਨ 

  • ਐਸ ਐਸ ਪੀ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੜ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਦੀ ਕਾਰਵਾਈ ਦਾ ਜਾਇਜ਼ਾ ਲਿਆ
  • ਪੁਲਿਸ ਅਧਿਕਾਰੀਆਂ ਨੂੰ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸ਼ਿਕੰਜਾ ਹੋਰ ਕਸਣ ਲਈ ਕਿਹਾ

ਐਸ.ਏ.ਐਸ.ਨਗਰ, 23 ਅਕਤੂਬਰ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ, ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਦੁਹਰਾਇਆ ਕਿ ਖਰੜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸਐਸਪੀ ਡਾ. ਸੰਦੀਪ ਗਰਗ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਖਰੜ ਹਲਕੇ ਦੇ ਐਸ.ਐਚ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਦੇ ਮੁੱਦੇ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਸ਼ਿਕੰਜਾ ਕੱਸਿਆ ਜਾਵੇ ਜਿਨ੍ਹਾਂ ਨੇ ਨਸ਼ਿਆਂ ਨਾਲ ਪੰਜਾਬ ਦਾ ਭਵਿੱਖ ਖਰਾਬ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁੱਦੇ 'ਤੇ ਪੁਲਿਸ ਦੇ ਕੰਮਕਾਜ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਅਤੇ ਉਹ ਨਸ਼ਿਆਂ ਦੇ ਸੌਦਾਗਰਾਂ ਅਤੇ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ਲਈ ਆਜ਼ਾਦ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਵਰਤੋਂ ਤੋਂ ਰੋਕ ਕੇ, ਉਨ੍ਹਾਂ ਦੀ ਨਸਲਕੁਸ਼ੀ ਤੋਂ ਬਚਾਇਆ ਜਾ ਸਕੇ। ਐਸਐਸਪੀ ਡਾ. ਸੰਦੀਪ ਗਰਗ ਨੇ 1 ਜਨਵਰੀ, 2023 ਤੋਂ ਇਸ ਸਬੰਧ ਵਿੱਚ ਹੋਈਆਂ ਐਫ ਆਈ ਆਰਜ਼ ਅਤੇ ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ ਡੀ ਪੀ ਐਸ ਤਹਿਤ ਕੁੱਲ 219 ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ ਖਰੜ-1 ਅਤੇ 2 ਸਬ ਡਵੀਜ਼ਨ ਦੇ 90 ਕੇਸ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਵਿੱਚ ਖਰੜ ਸਬ ਡਵੀਜ਼ਨ ਚ ਦਰਜ ਮਾਮਲਿਆਂ ਦੇ 133 ਅਪਰਾਧੀਆਂ ਸਮੇਤ ਜ਼ਿਲ੍ਹੇ ਚ ਕੁੱਲ 316 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੰਤਰੀ ਨੇ ਨਸ਼ਿਆਂ ਦੇ ਸੌਦਾਗਰਾਂ ਅਤੇ ਸਮੱਗਲਰਾਂ ਵਿਰੁੱਧ ਪੁਲਿਸ ਵੱਲੋਂ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ, ਇਲਾਕੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਦੋਸ਼ੀਆਂ ਵਿਰੁੱਧ ਹੋਰ ਸਖ਼ਤੀ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਚਾਹੁੰਦੇ ਹਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪੰਜ ਦਰਿਆਵਾਂ ਦੀ ਧਰਤੀ ਤੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਟੈਂਡ 'ਤੇ ਪੂਰੀ ਤਰ੍ਹਾਂ ਸਪੱਸ਼ਟ ਹੈ। ਜੋ ਵੀ ਨਸ਼ਾ ਤਸਕਰੀ ਵਿੱਚ ਪਾਇਆ ਗਿਆ ਉਸਨੂੰ ਸਾਡੀ ਨੌਜਵਾਨ ਪੀੜੀ ਦਾ ਦੁਸ਼ਮਣ ਸਮਝਿਆ ਜਾਵੇਗਾ ਅਤੇ ਪੁਲਿਸ ਉਸਨੂੰ ਸਲਾਖਾਂ ਪਿੱਛੇ ਡੱਕ ਦੇਵੇਗੀ। ਉਨ੍ਹਾਂ ਉਪ ਪੁਲਿਸ ਕਪਤਾਨ ਖਰੜ-1 ਕਰਨ ਐਸ ਸੰਧੂ, ਖਰੜ-2 ਧਰਮਵੀਰ ਸਿੰਘ ਅਤੇ ਸਿਟੀ  ਪ੍ਰਭਜੋਤ ਕੌਰ ਨੂੰ ਨਸ਼ਾ ਤਸਕਰਾਂ 'ਤੇ ਸਖ਼ਤੀ ਵਰਤਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ। ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਮੰਤਰੀ ਨੂੰ ਨਸ਼ਾ ਤਸਕਰੀ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੇ ਨਾਲ-ਨਾਲ ਸਖ਼ਤ ਕਰਵਾਈ ਵੀ ਕੀਤੀ ਜਾ ਰਹੀ ਹੈ। ਮੰਤਰੀ ਦੇ ਸੁਝਾਅ ਅਨੁਸਾਰ ਐਸ ਐਸ ਪੀ ਡਾ. ਸੰਦੀਪ ਗਰਗ ਨੇ ਡੀ ਐਸ ਪੀ ਸਿਟੀ ਪ੍ਰਭਜੋਤ ਕੌਰ ਨੂੰ ਹਫ਼ਤੇ ਵਿੱਚ ਇੱਕ ਵਾਰ, ਪੂਰਾ ਦਿਨ ਨਵਾਂ ਗਾਉਂ ਵਿਖੇ ਹਾਜ਼ਰ ਰਹਿਣ ਲਈ ਕਿਹਾ। ਮੀਟਿੰਗ ਵਿੱਚ ਐਸ ਪੀ (ਐਚ) ਜੋਤੀ ਯਾਦਵ ਅਤੇ ਐਸ ਪੀ (ਜਾਂਚ) ਅਮਨਦੀਪ ਸਿੰਘ ਬਰਾੜ ਹਾਜ਼ਰ ਸਨ।