ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ

ਲੁਧਿਆਣਾ, 22 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਹੋਣ ਵਾਲੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ, 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੌਰਾਨ ਹਲਕੇ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦਾ ਮੁੱਦਾ ਜੋਰਾਂ-ਸ਼ੋਰਾਂ ਨਾਲ ਚੁੱਕਿਆ ਗਿਆ। ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਤਹਿਸੀਲ ਪੂਰਬੀ ਅਤੇ ਪੱਛਮੀ ਵਿਖੇ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਅਕਸਰ ਲੋਕ ਇਸ ਦੁਵਿਧਾ ਵਿੱਚ ਰਹਿੰਦੇ ਹਨ ਕਿ ਉਨ੍ਹਾਂ ਦਾ ਕੰਮ ਪੂਰਬੀ ਤਹਿਸੀਲ ਵਿੱਚ ਜਾਂ ਪੱਛਮੀ ਵਿਖੇ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵੀਂ ਤਹਿਸੀਲ ਨਾਲ ਜਿੱਥੇ ਹਲਕਾ ਉੱਤਰੀ ਦੇ ਵਸਨੀਕਾਂ ਨੂੰ ਰਾਹਤ ਮਿਲੇਗੀ ਉੱਥੇ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵੀ ਇਜਾਫਾ ਹੋਵੇਗਾ। ਉਨ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਨਿੱਜੀ ਤਹਿਸੀਲ ਤੋਂ ਵਾਂਝੇ ਹਲਕਾ ਉੱਤਰੀ ਨੂੰ ਨਵੀਂ ਤਹਿਸੀਲ ਮੁਹੱਈਆ ਕਰਵਾਕੇ ਲੋਕਾਂ ਨੂੰ ਦੂਰ ਦੁਰਾਡੇ ਦੀ ਖੱਜਲ ਖੁਆਰੀ ਤੋਂ ਨਿਜਾਤ ਦਿਵਾਈ ਜਾਵੇ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਚਾਰੀ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।