- ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰ ਕੇ ਕਿਸਾਨ ਕਰਨ ਕਣਕ ਦੀ ਬਿਜਾਈ
ਫਾਜ਼ਿਲਕਾ 26 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀ ਏ ਪੀ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ ਜ਼ਰੂਰੀ ਵਸਤਾਂ ਨਾ ਵੇਚੀਆਂ ਜਾਣ| ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾ ਨੇ ਦੱਸਿਆ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਰਤੋਂ ਕਣਕ ਦੀ ਬਿਜਾਈ ਸਮੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ। ਉਨਾਂ ਦੱਸਿਆ ਕਿ ਕਿਸਾਨ ਖਾਦ ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।