ਚੰਡੀਗੜ, 27 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਤੇ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ। ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਗਈ ਸੀ।