ਫਾਜ਼ਿਲਕਾ 4 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ.ਦੇ ਨਿਰਦੇਸ਼ਾ ਹੇਠ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਲੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਭਾਸਣ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਨਾਲ ਹੀ ਬੱਚਿਆਂ ਨੂੰ ਪਰਾਲੀ ਨਾ ਸਾੜਨ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸੁਖਬੀਰ ਬੱਲ ਨੇ ਦੱਸਿਆ ਕਿ ਸਰਕਾਰੀ ਸੀਨੀ. ਸੈਕੰਡਰੀ ਸਕੂਲ ਸੱਪਾਂ ਵਾਲੀ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਕੇਰੀਆ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਕਰਨੀਖੇੜਾ, ਸਰਕਾਰੀ ਹਾਈ ਸਕੂਲ ਕਟੇਹੜਾ, ਸਰਕਾਰੀ ਮਿਡਲ ਸਕੂਲ ਟਾਹਲੀ ਵਾਲਾ ਜੱਟਾ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਡੰਗਰ ਖੇੜਾ, ਸਰਕਾਰੀ ਹਾਈ ਸਕੂਲ ਮੌਜਮ ਅਤੇ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ਸਮੇਤ ਵੱਖ-ਵੱਖ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਪਰਾਲੀ ਨੂੰ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਪਰਾਲੀ ਨੂੰ ਸਾੜਨ ਵਾਲੇ ਹੁੰਦੇ ਨੁਕਸਾਨਾਂ ਬਾਰੇ ਆਪਣੇ ਪਿੰਡ ਵਾਸੀਆਂ ਅਤੇ ਸਕੇ ਸਬੰਧੀਆਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਖੇਤੀਬਾੜੀ ਦੇ ਅਧਿਕਾਰੀਆਂ ਵੱਲੋਂ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿਸਾਨ ਕਿਸ ਤਰ੍ਹਾਂ ਆਧੁਨਿਕਿ ਸੰਦਾਂ ਜਿਵੇਂ ਕਿ ਹੈਪੀ ਸੀਡਰ ਆਦਿ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਸਕਦੇ ਹਨ ਅਜਿਹਾ ਕਰਨ ਨਾਲ ਜਿੱਥੇ ਪਰਾਲੀ ਦੀ ਰਹਿੰਦ ਖੂੰਹਦ ਜਮੀਨ ਵਿੱਚ ਜਜਬ ਹੋਣ ਨਾਲ ਪਰਾਲੀ ਦਾ ਯੋਗ ਨਿਪਟਾਰਾ ਹੋਵੇਗਾ ਉੱਥੇ ਹੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਤਾਂ ਪ੍ਰਦੂਸਿਤ ਹੁੰਦਾ ਹੈ ਤੇ ਨਾਲ ਹੀ ਅਸੀਂ ਕਈ ਬਿਮਾਰੀਆਂ ਨੂੰ ਵੀ ਜਨਮ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਤੇ ਜਿਉਣ ਲਈ ਵਾਤਾਵਰਨ ਦੇਣ ਲਈ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ ਸਗੋਂ ਇਸ ਦਾ ਯੋਗ ਨਿਪਟਾਰਾ ਕਰਨਾ ਚਾਹੀਦਾ ਹੈ।